ਬਠਿੰਡਾ: ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਡੇਰਾ ਮੁਖੀ ਰਾਮ ਰਹੀਮ ਦੇ ਦੋ ਪੈਰੋਲ 'ਤੇ ਆਉਣ ਦੀਆਂ ਖ਼ਬਰਾਂ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਡੇਰਾ ਮੁਖੀ ਦੀ ਪੈਰੋਲ ਦਾ ਵਿਰੋਧ ਕੀਤਾ ਗਿਆ ਤੇ ਹੁਣ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੀ ਇਸ ਦਾ ਵਿਰੋਧ ਕਰ ਰਹੇ ਹਨ। ਬਲਜੀਤ ਸਿੰਘ ਦਾਦੂਵਾਲ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ 'ਤੇ ਭੇਜਣ ਦਾ ਮਤਲਬ ਅੱਗ ਨਾਲ ਖੇਡਣਾ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਦੇ ਪੈਰੋਲ 'ਤੇ ਆਉਣ ਨਾਲ ਪੰਜਾਬ 'ਚ ਅਮਨ-ਸ਼ਾਂਤੀ ਭੰਗ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕੁੱਝ ਵੋਟਾਂ ਦੀ ਖ਼ਾਤਰ ਡੇਰਾ ਮੁਖੀ ਨੂੰ ਪੈਰੋਲ 'ਤੇ ਭੇਜ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਹਰਿਆਣਾ ਸਰਕਾਰ ਦਾ ਇਸ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ।
ਡੇਰਾ ਮੁਖੀ ਦੀ ਪੈਰੋਲ ਘਾਤਕ ਹੋ ਸਕਦੀ ਹੈ ਸਾਬਤ: ਦਾਦੂਵਾਲ
ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਅਰਜੀ 'ਤੇ ਬਲਜੀਤ ਸਿੰਘ ਦਾਦੂਵਾਲ ਨੇ ਖੱਟਰ ਸਰਕਾਰ ਦੀ ਤਿੱਖੇ ਸ਼ਬਦਾਂ 'ਚ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਦੀ ਪੈਰੋਲ ਸੂਬੇ ਲਈ ਘਾਤਕ ਸਾਬਤ ਹੋ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕੈਪਟਨ ਸਰਕਾਰ ਖ਼ਿਲਾਫ਼ ਦੀ ਵੀ ਆਲੋਚਨਾ ਕੀਤੀ।
ਇਹ ਵੀ ਪੜ੍ਹੋ: ਰਾਮ ਰਹੀਮ ਨੂੰ ਪੈਰੋਲ ਨਹੀਂ ਫ਼ਾਂਸੀ ਦਿੱਤੀ ਜਾਣੀ ਚਾਹੀਦੀ ਹੈ: ਲੌਂਗੋਵਾਲ
ਸੁਖਬੀਰ ਬਾਦਲ ਵੱਲੋਂ ਡੇਰਾ ਮੁਖੀ ਨੂੰ ਪੰਜਾਬ ਨਾ ਆਉਣ ਦੇਣ ਵਾਲੇ ਬਿਆਨ 'ਤੇ ਦਾਦੂਵਾਲ ਨੇ ਕਿਹਾ ਕਿ ਜਦੋਂ ਅਕਾਲੀ ਦਲ ਸੱਤਾ ਵਿੱਚ ਸੀ ਤਾਂ ਅਕਾਲ ਤਖ਼ਤ ਵੱਲੋਂ ਉਸ ਦੀ ਮੁਆਫ਼ੀ ਵੀ ਕਬੂਲੀ ਗਈ ਸੀ ਪਰ ਹੁਣ ਸੱਤਾ 'ਚ ਨਾ ਹੋਣ ਕਾਰਨ ਉਨ੍ਹਾਂ ਦੇ ਕੁਝ ਵੀ ਕਹਿਣ 'ਤੇ ਯਕੀਨ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਦੋਸ਼ੀਆਂ ਨੇ ਬੇਅਦਬੀ ਕਰਵਾਈ ਸੀ, ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਅਧੀਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਦਾ ਹਿਮਾਇਤੀ ਨਹੀਂ ਬਣਨਾ ਚਾਹੀਦਾ ਹੈ।