ਚੰਡੀਗੜ੍ਹ: ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬਲਬੀਰ ਨੂੰ ਸ਼ਨੀਵਾਰ ਨੂੰ ਆਪਣੇ ਘਰ ਤੋਂ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਜਿਸ ਤੋਂ ਬਾਅਦ ਹਾਲਤ ਜ਼ਿਆਦਾ ਨਾਜ਼ੁਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਮਸ਼ਹੂਰ ਹਾਕੀ ਖਿਡਾਰੀ ਦੇ ਪੋਤੇ ਕਬੀਰ ਨੇ ਇੱਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ। ਉਹ ਅਜੇ ਵੀ ਗੰਭੀਰ ਹਾਲਤ ਵਿੱਚ ਹਨ। ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਆਈਸੀਯੂ ਵਿੱਚ ਹਨ।
95 ਸਾਲਾ ਬਲਬੀਰ ਨੂੰ ਪਿਛਲੇ ਸਾਲ ਸਾਹ ਦੀ ਸਮੱਸਿਆ ਕਾਰਨ ਪੀਜੀਆਈਐਮਆਰ, ਚੰਡੀਗੜ੍ਹ ਵਿਖੇ ਕਈ ਹਫ਼ਤੇ ਬਿਤਾਉਣੇ ਪਏ ਸਨ। ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਉਨ੍ਹਾਂ ਨੂੰ ਮਿਲਣ ਲਈ ਵੀ ਆਏ ਸਨ।