ਚੰਡੀਗੜ੍ਹ: ਅੱਜ ਜਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਨੂੰ 100 ਵਰ੍ਹੇ ਪੂਰੇ ਹੋ ਗਏ ਹਨ। ਇਸ ਮੌਕੇ ਅੰਮ੍ਰਿਤਸਰ 'ਚ ਜਲ੍ਹਿਆਂਵਾਲਾ ਬਾਗ਼ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਸਣੇ ਕਈ ਸਖ਼ਸ਼ੀਅਤਾਂ ਨੇ ਇਸ ਖ਼ੂਨੀ ਸਾਕੇ ਨੂੰ ਯਾਦ ਕਰਦਿਆਂ ਟਵੀਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਲਿਖਿਆ, "ਇਕ ਸ਼ਤਾਬਦੀ ਪਹਿਲਾਂ ਵਿਸਾਖੀ ਵਾਲੇ ਦਿਨ ਜਲ੍ਹਿਆਂਵਾਲਾ ਬਾਗ਼ ਵਿਖੇ ਸਾਡੇ ਪਿਆਰੇ ਸੁਤੰਤਰਤਾ ਸੰਗਰਾਮੀ ਸ਼ਹੀਦ ਹੋਏ ਸਨ। ਇਹ ਘਿਨਾਉਣਾ ਕਤਲੇਆਮ ਮਨੁੱਖੀ ਸੱਭਿਅਤਾ ਉੱਪਰ ਦਾਗ਼ ਹੈ। ਵਤਨ ਪ੍ਰੇਮੀਆਂ ਦੀ ਇਸ ਕੁਰਬਾਨੀ ਨੂੰ ਭਾਰਤ ਕਦੇ ਨਹੀਂ ਭੁੱਲੇਗਾ। ਅਸੀਂ ਜਲ੍ਹਿਆਂਵਾਲਾ ਬਾਗ਼ ਦੇ ਇਨ੍ਹਾਂ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ।"
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ, "ਅੱਜ ਅਸੀਂ ਜਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਮਨਾ ਰਹੇ ਹਾਂ ਅਤੇ ਇਸ ਦਿਨ ਸ਼ਹੀਦ ਹੋਏ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦੇ ਰਹੇ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਯਾਦ ਸਾਨੂੰ ਭਾਰਤ ਦੀ ਉਸਾਰੀ ਲਈ ਹੋਰ ਵੀ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕਰਦੀ ਹੈ ਜਿਸ 'ਤੇ ਸਾਨੂੰ ਮਾਣ ਹੈ।"