ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਐਲਾਨ ਮੁਤਾਬਕ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਮਾਮਲੇ ਸਬੰਧੀ 5 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਕਮੇਟੀ ਦਾ ਗਠਨ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ।
ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਮਾਮਲੇ 'ਤੇ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਕੀਤਾ ਗਠਨ
ਐਸਜੀਪੀਸੀ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਮਾਮਲੇ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ ਕਮੇਟੀ ਵਿੱਚ ਜਾਂਚ ਲਈ 5 ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ।
ਇਸ 5 ਮੈਂਬਰੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦਲਮੇਘ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਚੋਰੀ ਹੋਇਆ ਸਿੱਖ ਕੌਮ ਦਾ ਸਾਹਿਤਕ ਸਰਮਾਇਆ ਵਾਪਸ ਲੈ ਕੇ ਆਉਣ ਦੀ ਮੰਗ ਦੀਆਂ ਖ਼ਬਰਾਂ ਪ੍ਰਕਾਸ਼ਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਸਬੰਧੀ ਉੱਚ ਪੱਧਰੀ ਸਬ-ਕਮੇਟੀ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ ਆਈਆਂ ਖ਼ਬਰਾਂ ਦੀ ਤਹਿ ਤੱਕ ਜਾਣ ਲਈ ਬਣਾਈ ਗਈ ਕਮੇਟੀ ਪਾਰਦਰਸ਼ੀ ਢੰਗ ਨਾਲ ਜਾਂਚ ਕਰੇਗੀ।