ਨਵੀਂ ਦਿੱਲੀ : ਪਿਛਲੇ 7 ਸਾਲਾਂ ਵਿੱਚ ਅਰਥਚਾਰੇ ਦੀ ਵਿਕਾਸ ਦਰ ਸਭ ਤੋਂ ਹੇਠਲੇ ਪੱਧਰ 'ਤੇ ਆਉਣ ਤੋਂ ਬਾਅਦ ਸਿਆਸਤ ਵੀ ਗਰਮਾ ਗਈ ਹੈ। ਦੇਸ਼ ਦੀ ਵਿਗੜੀ ਅਰਥ-ਵਿਵਸਥਾ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਬਿਆਨ ਦਿੱਤਾ ਹੈ। ਮਨਮੋਹਨ ਸਿੰਘ ਦੇ ਬਿਆਨ ਨੂੰ ਲੈ ਕੇ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਿਆਨ ਉੱਤੇ ਸਿੱਧੇ ਕਿਸੇ ਵੀ ਤਰ੍ਹਾਂ ਦੀ ਪ੍ਰਤੀਕਿਰਿਆ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦੇਸ਼ ਦੀ ਅਰਥ-ਵਿਵਸਥਾ ਦੀ ਸਥਿਤੀ 'ਤੇ ਬੋਲਦਿਆਂ ਕਿਹਾ ਕਿ ਇਹ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਤਿਮਾਹੀ ਦੀ ਜੀਡੀਪੀ ਵਿਕਾਸ ਦਰ 5 ਫ਼ੀਸਦੀ ਦਰਸਾਉਂਦੀ ਹੈ ਕਿ ਅਰਥ-ਵਿਵਸਥਾ ਲੰਮੇ ਸਮੇਂ ਤੋਂ ਮੰਦੀ ਦੀ ਮਾਰ ਝੱਲ ਰਹੀ ਹੈ। ਭਾਰਤ ਦੀ ਵਿਕਾਸ ਦਰ ਤੇਜ਼ ਹੋਣ ਦੀ ਸੰਭਾਵਨਾ ਹੈ ਪਰ ਮੋਦੀ ਸਰਕਾਰ ਦੇ ਸਹੀ ਤਰੀਕੇ ਦੀ ਕਾਰਗੁਜ਼ਾਰੀ ਨਾ ਹੋਣ ਕਾਰਨ ਮੰਦੀ ਹੈ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਨਿਰਮਾਣ ਖੇਤਰ ਦੀ ਵਿਕਾਸ ਦਰ 0.6% ਦੇ ਪੱਧਰ 'ਤੇ ਪਹੁੰਚ ਰਹੀ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਬਦਲਾਖੋਰੀ ਦੀ ਰਾਜਨੀਤੀ ਨੂੰ ਇੱਕ ਪਾਸੇ ਕਰ ਕੇ ਆਰਥਿਕਤਾ ਨੂੰ ਸੰਕਟ ਤੋਂ ਬਾਹਰ ਕੱਢਿਆ ਜਾਵੇ।