ਨਵੀਂ ਦਿੱਲੀ: ਰੂਸ ਅਤੇ ਯੂਕਰੇਨ ਯੁੱਧ ਦੇ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਨੇ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਭਾਰੀ ਗਿਰਾਵਟ ਦੇ ਨਾਲ ਕਾਰੋਬਾਰ ਸ਼ੁਰੂ ਕੀਤਾ ਹੈ। ਏਸ਼ੀਆਈ ਸ਼ੇਅਰ ਬਾਜ਼ਾਰਾਂ 'ਚ ਭਾਰੀ ਵਿਕਰੀ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਰਿਕਾਰਡ ਉਛਾਲ ਕਾਰਨ ਮੁੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ 1160 ਡਿੱਗ ਕੇ 53,172 'ਤੇ ਅਤੇ ਨਿਫਟੀ 377 ਅੰਕ ਹੇਠਾਂ 15,867 'ਤੇ ਖੁੱਲ੍ਹਿਆ ਹੈ।
ਉੱਥੇ ਹੀ, SCHX ਨਿਫਟੀ 458 ਅੰਕਾਂ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ। ਰੂਸ-ਯੂਕਰੇਨ ਯੁੱਧ ਕਾਰਨ ਸ਼ੇਅਰ ਬਾਜ਼ਾਰ 'ਚ ਸਾਫ ਤੌਰ 'ਤੇ ਦਹਿਸ਼ਤ ਦਾ ਮਾਹੌਲ ਹੈ। ਨਿੱਕੇਈ 225 819 ਅੰਕ ਹੇਠਾਂ ਕਾਰੋਬਾਰ ਕਰ ਰਿਹਾ ਹੈ, ਜਦਕਿ ਹੈਂਗ ਸੇਂਗ 768 ਅੰਕ ਹੇਠਾਂ ਕਾਰੋਬਾਰ ਕਰ ਰਿਹਾ ਹੈ, ਤਾਈਵਾਨ ਦਾ ਸੂਚਕਾਂਕ 3.15 ਫੀਸਦੀ ਯਾਨੀ 560 ਅੰਕ ਹੇਠਾਂ ਕਾਰੋਬਾਰ ਕਰ ਰਿਹਾ ਹੈ। ਸ਼ੰਘਾਈ ਦਾ ਸੂਚਕ ਅੰਕ ਵੀ 1.45 ਫੀਸਦੀ ਹੇਠਾਂ ਕਾਰੋਬਾਰ ਕਰ ਰਿਹਾ ਹੈ।
ਸ਼ੁੱਕਰਵਾਰ ਦੇ ਕਾਰੋਬਾਰੀ ਸੈਸ਼ਨ 'ਚ ਵਿਦੇਸ਼ੀ ਨਿਵੇਸ਼ਕਾਂ ਦੀ ਸਭ ਤੋਂ ਜ਼ਿਆਦਾ ਵਿਕਰੀ ਹੋਈ। ਵਿਦੇਸ਼ੀ ਨਿਵੇਸ਼ਕਾਂ ਨੇ 4 ਮਾਰਚ 2022 ਨੂੰ 7,631 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਹ 26 ਫਰਵਰੀ 2021 ਤੋਂ ਬਾਅਦ ਇੱਕ ਦਿਨ ਵਿੱਚ ਵਿਦੇਸ਼ੀ ਨਿਵੇਸ਼ਕਾਂ ਦੀ ਵੱਡੀ ਵਿਕਰੀ ਹੈ। ਜਦਕਿ ਘਰੇਲੂ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ 4,739 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਹਨ।
ਦੱਸਣਯੋਗ ਹੈ ਕਿ ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਬ੍ਰੈਂਟ ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ ਆਈ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਰਿਕਾਰਡ ਵਾਧਾ ਹੋਇਆ ਹੈ। ਕੱਚੇ ਤੇਲ ਦੀ ਕੀਮਤ 10 ਡਾਲਰ ਪ੍ਰਤੀ ਬੈਰਲ ਤੋਂ ਵੱਧ ਗਈ ਹੈ। ਰੂਸ 'ਤੇ ਯੂਰਪੀ ਸੰਘ ਅਤੇ ਨਾਟੋ ਦੇਸ਼ਾਂ ਦੀਆਂ ਪਾਬੰਦੀਆਂ ਕਾਰਨ ਕੱਚੇ ਤੇਲ ਦੀ ਕੀਮਤ ਹੋਰ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ:ਕੱਚੇ ਤੇਲ ਦੀ ਕੀਮਤ 130 ਡਾਲਰ ਪ੍ਰਤੀ ਬੈਰਲ ਵਧੀ, ਪੈਟਰੋਲ ਤੇ ਡੀਜ਼ਲ ਹੋਵੇਗਾ ਮਹਿੰਗਾ !