ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਐੱਮਬੀਬੀਐੱਸ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਕੀਤੇ ਵਾਧੇ ਦਾ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। ਵਿਰੋਧੀ ਧਿਰ ਲਗਾਤਾਰ ਸਰਕਾਰ ਨੂੰ ਇਹ ਵਾਧਾ ਵਾਪਸ ਲੈਣ ਦੀ ਮੰਗ ਕਰ ਰਹੀ ਹੈ। ਇਸੇ ਦੌਰਾਨ ਹੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਮੈਡੀਕਲ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਮੰਗ ਕੀਤੀ ਕਿ ਫੀਸਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ।
ਇਸ ਮੌਕੇ 'ਆਪ' ਦੇ ਸੀਨੀਆਰ ਵਿਧਾਇਕ ਅਮਨ ਅਰੋੜਾ ਤੇ ਮੀਤ ਹੇਅਰ ਨੇ ਇਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ 'ਆਪ' ਦੇ ਵਰਕਰਾਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਮੰਤਰੀ ਓਪੀ ਸੋਨੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ।