ਅੰਮ੍ਰਿਤਸਰ: ਪੰਜਾਬ 'ਚ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖੇਤਰੀ ਪਾਰਟੀਆਂ ਸਮੇਤ ਨੈਸ਼ਨਲ ਪਾਰਟੀਆਂ ਨੇ ਪੰਜਾਬ 'ਚ ਸੱਤਾਧਾਰੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਉਸ ਦੇ ਮੰਤਰੀਆਂ ਨੂੰ ਘੇਰਣਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਚਲਦੇ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਭੰਡਾਰੀ ਪੁਲ 'ਤੇ ਸੱਤ ਦਿਨਾਂ ਲਈ ਭੁੱਖ ਹੜਤਾਲ 'ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਤਾਂ ਦਲਿਤ ਭਾਈਚਾਰੇ ਨਾਲ ਸਬੰਧਤ ਵਿਦਿਆਰਥੀਆਂ ਦੀ 50 ਕਰੋੜ ਦੀ ਸਕਾਲਸ਼ਿਪ ਹੀ ਹੜੱਪ ਲਈ ਤੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਹੁਣ 'ਆਪ' ਵੱਲੋਂ ਸੱਤ ਦਿਨ ਦਾ ਧਰਨਾ ਪ੍ਰਦਰਸ਼ਨ ਅਤੇ ਭੁੱਖ ਹੜਤਾਲ ਕੀਤੀ ਜਾਵੇਗੀ।