ਅੰਮ੍ਰਿਤਸਰ:ਸੂਬੇ ਭਰ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਪਾਰਲੀ ਨੂੰ ਅੱਗ ਲਾਈ ਜਾ ਰਹੀ ਹੈ ਜਿਸ ਦੇ ਚੱਲਦੇ ਆਲਾ ਦੁਆਲਾ ਕਾਫੀ ਪ੍ਰਦੁਸ਼ਿਤ ਹੋ ਰਿਹਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਸਮਝਾਉਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਦਾ ਸਹਾਰਾ ਲਿਆ ਗਿਆ ਹੈ।
ਦੱਸ ਦਈਏ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕਿਸਾਨਾਂ ਨੂੰ ਸਮਝਾਉਣ ਕਿ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ। ਨਾਲ ਹੀ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਕਈ ਅਹਿਮ ਮੁੱਦਿਆਂ ’ਤੇ ਵੀ ਉਨ੍ਹਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਧਰਤੀ, ਪਾਣੀ ਅਤੇ ਹਵਾ ਨੂੰ ਦੂਸ਼ਿਤ ਕਰਨ ਵਾਲਿਆਂ ਦੇ ਖਿਲਾਫ ਆਵਾਜ਼ ਚੁੱਕਣ ਲਈ ਕਿਹਾ ਗਿਆ ਹੈ।
ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਿਰਫ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਾਤਾਵਰਨ ਨੂੰ ਸਹੀ ਕਰਨ ਨੂੰ ਲੈ ਕੇ ਹੀ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਉਹ ਆਸ ਕਰਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਤੇ ਜ਼ਰੂਰ ਕੋਈ ਨਾ ਕੋਈ ਆਪਣਾ ਕਦਮ ਚੁੱਕਣਗੇ ਤਾਂ ਜੋ ਸਥਿਤੀ ਨੂੰ ਸੁਧਾਰਿਆ ਜਾ ਸਕੇ।