ਅੰਮ੍ਰਿਤਸਰ: ਕੋਰੋਨਾ ਦੇ ਚੱਲਦਿਆਂ ਜਿਥੇ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਈ ਜਾ ਰਹੀ ਹੈ। ਉਥੇ ਹੀ ਭਾਜਪਾ ਵਲੋਂ ਵੀ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਗ੍ਰੀਨ ਫੀਲਡ ਕਲੋਨੀ 'ਚ ਭਾਜਪਾ ਵਲੋਂ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਵਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਮਿਲਖਾ ਸਿੰਘ ਦੇ ਅਕਾਲ ਚਲਾਣੇ ਕਾਰਨ ਭਾਜਪਾ ਆਗੂਆਂ ਵਲੋਂ ਮੌਨ ਵੀ ਰੱਖਿਆ ਗਿਆ।
ਇਸ ਮੌਕੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਮਿਲਖਾ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਬਹੁਤ ਅਹਿਮ ਹੈ। ਉਨ੍ਹਾਂ ਦਾ ਕਹਿਣਾ ਕਿ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਦੀ ਮੌਤ ਨਾਲ ਮਨ ਨੂੰ ਗਹਿਰਾ ਦੁੱਖ ਲੱਗਿਆ ਹੈ। ਇਸ ਦੇ ਨਾਲ ਹੀ ਵੈਕਸੀਨੇਸ਼ਨ ਕੈਂਪ ਨੂੰ ਲੈਕੇ ਉਨ੍ਹਾਂ ਕਿਹਾ ਕਿ ਭਾਜਪਾ ਵਲੋਂ 18 ਤੋਂ 44 ਸਾਲ ਦੇ ਲੋਕਾਂ ਲਈ ਮੁਫ਼ਤ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ।