ਅੰਮ੍ਰਿਤਸਰ : ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਵੱਧਣ ਅਤੇ ਛੋਟੇ ਬੱਚਿਆਂ ਸਮੇਤ ਆਮ ਲੋਕਾਂ ਉੱਤੇ ਹਮਲਾ ਕੀਤੇ ਜਾਣ ਦੀਆਂ ਘਟਨਾਵਾਂ ਵੱਧ ਗਈਆਂ ਹਨ। ਇਸ ਕਾਰਨ ਸ਼ਹਿਰ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕ ਆਪਣੇ ਘਰੋਂ ਨਿਕਲਨ ਤੋਂ ਡਰਦੇ ਹਨ। ਹੁਣ ਤੱਕ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆਂ ਉੱਤੇ ਹਮਲਾ ਕਰਨ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਸਰਕਾਰੀ ਹਸਪਤਾਲ ਦੇ ਅੰਕੜੀਆਂ ਦੇ ਮੁਤਾਬਕ ਸ਼ਹਿਰ ਵਿੱਚ ਹਰ ਰੋਜ਼ ਕਰੀਬ 100 ਤੋਂ ਵੱਧ ਮਰੀਜ਼ ਕੁੱਤਿਆਂ ਦੇ ਹਮਲੇ ਦਾ ਸ਼ਿਕਾਰ ਹੁੰਦੇ ਹਨ। ਇਸ ਬਾਰੇ ਸਿਵਲ ਹਸਪਤਾਲ ਦੇ ਡਾਕਟਰ ਤਰਸੇਮ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਰੋਜ਼ਾਨਾਂ 70 ਤੋਂ 80 ਮਰੀਜ਼ ਕੁੱਤੇ ਦੇ ਕੱਟਣ ਤੋਂ ਬਾਅਦ ਇਲਾਜ ਕਰਵਾਉਣ ਲਈ ਆਉਂਦੇ ਹਨ। ਮਰੀਜਾਂ ਨੂੰ ਇਲਾਜ ਦੇ ਦੌਰਾਨ ਰੇਬੀਜ਼ ਦੇ ਟੀਕੇ ਲਗਾਏ ਜਾਂਦੇ ਹਨ।