ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਪਹਿਲੇ ਹੀ ਦਿਨ ਤੋਂ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਆਰਡੀਨੈਂਸਾਂ ਦੇ ਖ਼ਿਲਾਫ਼ ਵੱਡਾ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇਸ ਤਹਿਤ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ 'ਚ ਰੋਸ ਰੈਲੀ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਨੇ ਬਿਆਸ ਪੁਲ ਕੀਤਾ ਜਾਮ - ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ ਹੈ। ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੰਮ੍ਰਿਤਸਰ ਬਿਆਸ ਪੁਲ ਜਾਮ ਕਰ ਦਿੱਤਾ।
ਇਸ ਕੜੀ 'ਚ ਕਿਸਾਨ ਜਥੇਬੰਦੀਆਂ ਨੇ ਬਿਆਸ ਦਰਿਆ ਦੇ ਪੁਲ ਉੱਤੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਬਿਆਸ ਪੁਲ ਪੂਰੀ ਤਰ੍ਹਾਂ ਜਮਾਮ ਕਰ ਦਿੱਤਾ ਗਿਆ। ਇਸ ਰੋਸ ਰੈਲੀ ਦੇ ਵਿੱਚ ਵੱਡੀ ਗਿਣਤੀ 'ਚ ਕਿਸਾਨ, ਨੌਜਵਾਨ, ਮਜ਼ਦੂਰ ਅਤੇ ਬਜ਼ੁਰਗ ਸ਼ਾਮਲ ਹੋਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਤੇ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਬਾਦਲ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਜੇਕਰ ਭਾਰਤ ਦੀ ਸੰਸਦ ਵਿੱਚ ਇਹ ਆਰਡੀਨੈਂਸ ਪਾਸ ਹੁੰਦੇ ਹਨ ਤਾਂ ਕਿਸਾਨ ਕਦੇ ਵੀ ਟਿਕ ਕੇ ਨਹੀਂ ਬੈਠਣਗੇ। ਕਿਸਾਨ ਆਰ -ਪਾਰ ਦੀ ਲੜਾਈ ਲੜਨ ਲਈ ਘਰਾਂ ਤੋਂ ਬਾਹਰ ਨਿਕਲਣਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਕੇਂਦਰੀ ਸਰਕਾਰ ਲੌਕਡਾਊਨ ਦੇ ਬਹਾਨੇ ਕਿਸਾਨਾਂ 'ਤੇ ਆਪਣੇ ਨਿੱਜੀ ਫੈਸਲੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕੇਂਦਰ ਦੀ ਭਾਜਪਾ ਸਰਕਾਰ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਖੇਤੀ ਆਰਡੀਨੈਂਸ ਮਹਿਜ਼ ਧਨਾਡ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਲਾਗੂ ਕੀਤੇ ਜਾ ਰਹੇ ਹਨ। ਪੰਧੇਰ ਨੇ ਆਖਿਆ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਖੇਤੀ ਨੂੰ ਉਜਾੜਨ ਲਈ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਮੋਦੀ ਸਰਕਾਰ ਇਨ੍ਹਾਂ ਤਿੰਨ ਖੇਤੀ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਰਹੇਗਾ।