ਅੰਮ੍ਰਿਤਸਰ : ਸ਼ਹਿਰ 'ਚ ਮਾਹੌਲ ਉਸ ਵੇਲੇ ਤਣਾਅਪੂਰਣ ਹੋ ਗਿਆ ਜਦੋਂ ਕਿਸਾਨ ਜਥੇਬੰਦੀਆਂ ਨੇ ਭਾਜਪਾ ਦਫਤਰ ਦਾ ਘਿਰਾਓ ਕੀਤਾ। ਭਾਜਪਾ ਆਗੂ ਨਿਊਂ ਅੰਮ੍ਰਿਤਸਰ ਵਿਖੇ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਤਾਂ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦਾ ਘਿਰਾਓ ਕੀਤਾ ਗਿਆ।
ਕਿਸਾਨ ਜਥੇਬੰਦੀਆਂ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿੱਚ ਲਗਾਤਾਰ ਰੋਸ ਵੱਧਦਾ ਜਾ ਰਿਹਾ ਹੈ। ਜਿਥੇ ਇੱਕ ਪਾਸੇ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵਿਖੇ ਧਰਨੇ ਡੱਟੇ ਹੋਏ ਹਨ, ਉਥੇ ਹੀ ਸੂਬੇ 'ਚ ਵੀ ਕਿਸਾਨ ਜੱਥੇਬੰਦੀਆਂ ਲਗਾਤਾਰ ਕੇਂਦਰ ਸਰਕਾਰ ਤੇ ਭਾਜਪਾ ਦਾ ਵਿਰੋਧ ਕਰ ਰਹੀ ਹੈ। ਇਸੇ ਕੜੀ 'ਚ ਅੱਜ ਕਿਸਾਨ ਜਥੇਬੰਦੀਆਂ ਨੇ ਭਾਜਪਾ ਦਫਤਰ ਦਾ ਘਿਰਾਓ ਕੀਤਾ ਹੈ। ਕਿਸਾਨਾਂ ਨੇ ਭਾਜਪਾ ਦਫਤਰ ਦੇ ਬਾਹਰ ਧਰਨਾ ਲਾ ਕੇ ਕੇਂਦਰ ਸਰਕਾਰ ਤੇ ਪੀਐਮ ਮੋਦੀ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਭਾਜਪਾ ਆਗੂ ਨੇ ਕਿਹਾ ਕਿ ਦੇਸ਼ ਭਰ 'ਚ ਭਾਜਪਾ ਦੇ ਨਵੇਂ ਦਫ਼ਤਰ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣਾ ਕੰਮ ਕਰ ਰਹੇ ਹਨ ਤੇ ਅਸੀਂ ਆਪਣਾ ਕੰਮ ਕਰ ਰਹੇ ਹਾਂ।
ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਮਾਰੂ ਨੀਤੀਆਂ ਕਿਸਾਨਾਂ 'ਤੇ ਥੋਪਣਾ ਚਾਹੁੰਦੀ ਹੈ। ਜਿਥੇ ਇੱਕ ਪਾਸੇ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ ਦਿੱਲੀ 'ਚ ਸੰਘਰਸ਼ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਭਾਜਪਾ ਪਾਰਟੀ ਪੰਜਾਬ 'ਚ ਆਪਣੇ ਨਵੇਂ ਦਫ਼ਤਰ ਖੋਲ੍ਹ ਕੇ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ,ਉਦੋਂ ਤੱਕ ਕਿਸਾਨ ਜੱਥੇਬੰਦੀਆਂ ਮੋਦੀ ਸਰਕਾਰ ਤੇ ਭਾਜਪਾ ਪਾਰਟੀ ਨੂੰ ਅਜਿਹੇ ਕੋਈ ਸਮਾਗਮ ਨਹੀਂ ਕਰਨ ਦੇਣਗੀਆਂ।
ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਮੌਜੂਦ ਰਹੇ ਤੇ ਉਨ੍ਹਾਂ ਹਲਾਤ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।