ਅੰਮ੍ਰਿਤਸਰ:ਅੱਜ ਸਿੱਖ ਕੌਮ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀ ਹੈ।
ਸਿੱਖ ਕੌਮ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮੱਹਤਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਸਵਰੂਪ ਮੰਨਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨ ਹੈਡ ਗ੍ਰੰਥੀ ਗਿਆਨੀ ਭਾਈ ਮਲਕੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹੱਤਤਾ
ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਦੀ ਤੋਂ ਲੈ ਕੇ ਪੰਜ ਗੁਰੂਆਂ ਤੇ ਹੋਰ ਮਹਾਂਨ ਸੰਤਾ ਤੇ ਭਗਤਾਂ ਦੀ ਬਾਣੀ ਦਾ ਗੁਰੂ ਗ੍ਰੰਥ ਸਾਹਿਬ ਵਿੱਚ ਜ਼ਿਕਰ ਹੈ। ਇਨ੍ਹਾਂ ਚੋਂ ਕਈਆਂ ਹਿੰਦੂ, ਮੁਸਲਿਮ 'ਤੇ ਹੋਰਨਾਂ ਮਹਾਨ ਗੁਰੂਆਂ ਤੇ ਸੰਤਾ ਦੀ ਬਾਣੀ ਦਾ ਸੁਮੇਲ ਹੈ। ਪੰਜਵੇਂ ਗੁਰੂ ਗੁਰੂ ਅਰਜੁਨ ਦੇਵ ਜੀ ਨੇ ਵੱਖ-ਵੱਖ ਗੁਰੂਆਂ, ਸੰਤਾਂ ਤੇ ਮਹਾਂਪੁਰਸ਼ਾਂ ਦੀ ਬਾਣੀ ਦੇ ਅੰਸ਼ ਇਕੱਤਰ ਕਰਕੇ ਇਸ ਪਵਿੱਤਰ ਗ੍ਰੰਥ ਨੂੰ ਭਾਈ ਗੁਰੂ ਰਾਮਦਾਸ ਜੀ ਦੇ ਹੱਥੋਂ ਲਿਖਵਾਇਆ ਸੀ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨੂੰ ਇਕੱਤਰ ਕਰਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਦੇ ਪਾਸਿਓਂ ਆਦਿ ਗ੍ਰੰਥ ਸਾਹਿਬ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ ਜੋਤ ਸਮਾਉਣ ਮਗਰੋਂ ਬਾਬਾ ਦੀਪ ਸਿੰਘ ਜੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਜੀ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਅਤੇ ਬਹੁਤ ਸਾਰੀਆਂ ਬੋਲੀਆਂ ਤੇ ਉਪ ਬੋਲੀਆਂ ਜਿਵੇਂ ਲਹਿੰਦੀ ਪੰਜਾਬੀ ਬ੍ਰਿਜ ਭਾਸ਼ਾ, ਖੜ੍ਹੀ ਬੋਲੀ ਸੰਸਕ੍ਰਿਤ ਅਤੇ ਫਾਰਸੀ ਕਈ ਹੋਰਨਾਂ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਦਿ ਨਾਲ ਵੀ ਜਾਣਿਆ ਜਾਂਦਾ ਹੈ।
ਬਾਬਾ ਬੁੱਢਾ ਜੀ ਨੂੰ ਥਾਪਿਆ ਪਹਿਲਾ ਗ੍ਰੰਥੀ
ਇਸ ਮੌਕੇ ਗੱਲਬਾਤ ਕਰਦੇ ਹੋਏ ਗਿਆਨੀ ਭਾਈ ਮਲਕੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕਰੀਬ 418 ਵਰ੍ਹੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਸੰਕਲਿਤ ਕੀਤਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵਿਰਾਜਮਾਨ ਕੀਤਾ ਗਿਆ ਸੀ। ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਨੇ ਸੰਗਤ ਨਾਲ ਨਗਰ ਕੀਰਤਨ ਕੱਢਦੇ ਹੋਏ, ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਕੀਤਾ। ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਬਾਬਾ ਬੁੱਢਾ ਸਾਹਿਬ ਜੀ ਨੂੰ ਸੌਂਪੀ ਸੀ।
ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 01 ਸਤੰਬਰ 1604 ਈਸਵੀ ਨੂੰ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕੀਤਾ ਸੀ। ਬਾਬਾ ਬੁੱਢਾ ਜੀ ਨੂੰ ਗੁਰੂ ਅਰਜਨ ਦੇਵ ਜੀ ਨੇ ਸੰਗਤ ਲਈ ਗੁਰੂ ਕੀ ਬਾਣੀ ਦੇ ਸਰਵਣ ਦਾ ਫੁਰਮਾਨ ਕੀਤਾ। ਬਾਬਾ ਬੁੱਢਾ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਪਹਿਲਾ ਹੁਕਮਨਾਮਾ "ਸੰਤਾਂ ਦੇ ਕਾਰਜ ਆਪ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ" ਲਿਆ ਸੀ। ਉਸ ਦਿਨ ਬਾਬਾ ਬੁੱਢਾ ਜੀ ਨੂੰ ਪਹਿਲਾ ਗ੍ਰੰਥੀ ਸਿੰਘ ਵਜੋਂ ਨਿਵਾਜਿਆ ਗਿਆ। ਇਸ ਦਿਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਥਾਪਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਵਣ ਸੰਗਤ ਨੇ ਬਾਬਾ ਬੁੱਢਾ ਜੀ ਦੀ ਆਵਾਜ਼ 'ਚ ਕੀਤਾ। ਇਸ ਮੌਕੇ ਸੰਗਤਾਂ 'ਚ ਭਾਰੀ ਖੁਸ਼ੀ ਸੀ।