ਅੰਮ੍ਰਿਤਸਰ: ਤਿੰਨ ਦਿਨ ਪਹਿਲਾਂ ਬੁੱਧਵਾਰ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਬਾਹਰ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਹੋਈ ਗੋਲੀਬਾਰੀ ਤੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਲੜਕੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ।
ਇਸ ਸਬੰਧੀ ਪੁਲੀਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਸਿੰਘ ਦੇ ਪਿਤਾ ਲਖਵਿੰਦਰ ਸਿੰਘ ਦੇ ਬਿਆਨਾਂ ’ਤੇ ਥਾਣਾ ਕੈਂਟ ਦੀ ਪੁਲੀਸ ਨੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਸ਼ਨੀਵਾਰ ਨੂੰ ਲੜਕੀ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਹਿਚਾਣ ਮਨਿੰਦਰ ਸਿੰਘ ਵਾਸੀ ਕੱਥੂਨੰਗਲ, ਜਸ਼ਨ ਕੁਮਾਰ ਵਾਸੀ ਕੋਟ ਖਾਲਸਾ ਵਜੋਂ ਹੋਈ ਅਤੇ ਇੱਕ ਨੌਜਵਾਨ ਲੜਕੀ ਵੀ ਸ਼ਾਮਲ ਹੈ।
ਖਾਲਸਾ ਕਾਲਜ ਕਤਲ ਮਾਮਲੇ 'ਚ ਦੋ ਨੌਜਵਾਨ ਸਮੇਤ ਲੜਕੀ ਗ੍ਰਿਫ਼ਤਾਰ ਸੀਪੀ ਨੇ ਅੱਗੇ ਦੱਸਿਆ ਕਿ ਮੋਬਾਈਲ ਤੋਂ ਲੜਕੀ ਦੀ ਫੋਟੋ ਡਿਲੀਟ ਨਾ ਕਰਨ ਨੂੰ ਲੈ ਕੇ ਝਗੜਾ ਹੋਇਆ ਸੀ ਅਤੇ ਇਸ ਤੋਂ ਬਾਅਦ ਹੋਈ ਗੋਲੀਬਾਰੀ ਵਿੱਚ ਦੂਜੇ ਪੱਖ ਦੇ ਲਵਪ੍ਰੀਤ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦੋਂ ਕਿ ਉਸ ਦਾ ਦੋਸਤ ਗੁਰਸਿਮਰਨ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਨਾਲ ਸਬੰਧਤ ਹੋਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰੈਸ ਕਾਨਫਰੰਸ ਵਿੱਚ ਏਜੀਸੀਪੀ ਇਨਵੈਸਟੀਗੇਸ਼ਨ ਰਛਪਾਲ ਸਿੰਘ, ਏਡੀਸੀਪੀ ਸਿਟੀ 2 ਪ੍ਰਭਜੋਤ ਸਿੰਘ, ਏਸੀਪੀ ਗੁਰਵਿੰਦਰ ਸਿੰਘ ਅਤੇ ਥਾਣਾ ਛਾਉਣੀ ਦੇ ਐਸਐਚਓ ਹਾਜ਼ਰ ਸਨ।
ਇਹ ਵੀ ਪੜ੍ਹੋ:ਪੰਜਾਬ ਦੇ ਗੈਂਗਸਟਰਾਂ ਦੀ ਸਿਆਸੀ ਲੀਡਰਾਂ ਨਾਲ ਨੇੜਤਾ ਦਾ ਕਾਲਾ-ਸੱਚ, ਵੇਖੋ ਖਾਸ ਰਿਪੋਰਟ ’ਚ