ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਟੀ-ਸ਼ਰਟ ਪਾ ਕੇ ਫੋਟੋ ਖਿਚਵਾਉਣ ਵਾਲੇ ਕਰਮਜੀਤ ਸਿੰਘ ਗਿੱਲ ਦੀ ਜ਼ਮਾਨਤ ਪਟੀਸ਼ਨ ਸ਼ਨੀਵਾਰ ਨੂੰ ਖਾਰਜ ਕਰ ਦਿੱਤੀ ਗਈ। ਸਥਾਨਕ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਜਪਿੰਦਰ ਸਿੰਘ ਦੀ ਅਦਾਲਤ ਵਿੱਚ ਕਰਮਜੀਤ ਸਿੰਘ ਵੱਲੋਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਹੋਈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ।
ਮੁਲਜ਼ਮ ਖਿਲਾਫ਼ ਭਾਵਨਾਵਾਂ ਭੜਕਾਉਣ ਦੇ ਦੋਸ਼:ਮੁਲਜ਼ਮਾਂ ਪੱਖ ਕਰਮਜੀਤ ਗਿੱਲ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਦਾ ਮਕਸਦ ਧਾਰਮਿਕ ਭਾਵਨਾਵਾਂ ਨੂੰ ਭੜਕਾਉਣਾ ਨਹੀਂ ਸੀ। ਕਰਮਜੀਤ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਹੀ ਹਰਿਮੰਦਰ ਸਾਹਿਬ ਜਾਣਾ ਚਾਹੁੰਦਾ ਸੀ। ਇਹ ਕੋਈ ਅਪਰਾਧ ਨਹੀਂ ਹੈ। ਸਹਾਇਕ ਜ਼ਿਲ੍ਹਾ ਅਟਾਰਨੀ ਤਵਤੇਸ਼ ਇੰਦਰਜੀਤ ਸਿੰਘ ਨੇ ਦਲੀਲ ਦਿੱਤੀ ਕਿ ਮੁਲਜ਼ਮ ਹਰਿਮੰਦਰ ਸਾਹਿਬ ਮੱਥਾ ਟੇਕਣ ਨਹੀਂ ਸਗੋਂ ਸਿੱਖ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਆਇਆ ਸੀ। ਇਸ ਤੋਂ ਪਹਿਲਾਂ ਵੀ ਇਸ ਮੁਲਜ਼ਮ ਨੇ ਟਾਈਟਲਰ ਦੀ ਤਸਵੀਰ ਵਾਲਾ ਕੇਕ ਕੱਟਿਆ ਸੀ। ਜਿਸ ਤੋਂ ਬਾਅਦ ਉਸਨੂੰ ਧਮਕੀਆਂ ਮਿਲੀਆਂ ਅਤੇ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਗਈ।