ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਇਨਸਾਫ਼ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਸਾਹਮਣੇ 14 ਸਤੰਬਰ ਤੋਂ ਸਿੱਖ ਜਥੇਬੰਦੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਵੱਲੋਂ ਮੋਰਚਾ ਲਾਇਆ ਹੋਇਆ ਹੈ।
ਸਰੂਪਾਂ ਦੇ ਮਾਮਲੇ 'ਚ ਜਥੇਦਾਰ ਨੇ ਜਾਣਬੁਝ ਕੇ ਦੋਸ਼ੀਆਂ ਨੂੰ ਬਖਸ਼ਿਆ:ਅਵਤਾਰ ਸਿੰਘ ਇਸ ਮੋਰਚੇ ਦੇ ਆਗੂਆਂ ਵਿੱਚੋਂ ਬਾਈ ਅਵਤਾਰ ਸਿੰਘ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰੂਪਾਂ ਦੇ ਗਾਇਬ ਹੋਣ ਬਾਰੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਮੈਂਬਰਾਂ ਨੂੰ ਧਾਰਮਿਕ ਸਜ਼ਾ ਲਾਈ ਗਈ ਹੈ, ਉਹ ਸਜ਼ਾ ਨਹੀਂ ਸਗੋਂ ਸੇਵਾ ਹੈ। ਇਸ ਕਾਰਨ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਮਲੇ ਵਿੱਚ ਸਜ਼ਾ ਲਾਉਣੀ ਸੀ ਤਾਂ ਜਥੇਦਾਰ ਅਕਾਲੀ ਫੂਲਾ ਸਿੰਘ ਵਾਂਗ ਸਟੈਂਡ ਲਿਆ ਜਾਂਦਾ। ਉਨ੍ਹਾਂ ਕਿਹਾ ਕਿ ਅਕਾਲੀ ਫੂਲਾ ਸਿੰਘ ਵੱਲੋਂ ਮਹਾਰਾਜਾ ਰਣਜੀਤ ਸਿੰਘ ਨੂੰ ਇੱਕ ਦੋਸ਼ ਦੇ ਤਹਿਤ ਦਰੱਖ਼ਤ ਨਾਲ ਬੰਨ੍ਹ ਕੇ ਕੋੜੇ ਮਾਰੇ ਗਏ ਸਨ ਪਰ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੇ ਤਾਂ ਸੇਵਾ ਦੇ ਨਾਮ 'ਤੇ ਕਮੇਟੀ ਮੈਂਬਰਾਂ ਦੀ ਬੱਜਰ ਗ਼ਲਤੀ ਨੂੰ ਮੁਆਫ਼ ਕਰ ਦਿੱਤਾ ਗਿਆ ਹੈ, ਜਦੋਂ ਕਿ ਚਾਹੀਦਾ ਇਹ ਸੀ ਕੀ ਸੰਗਤਾਂ ਦੇ ਸਾਹਮਣੇ ਮੈਂਬਰਾਂ ਦੇ ਡਾਂਗਾਂ ਮਾਰੀਆਂ ਜਾਂਦੀਆਂ।
ਕਾਨੂੰਨੀ ਕਾਰਵਾਈ ਕਰਨ ਸਬੰਧੀ ਭਾਈ ਅਵਤਾਰ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਸ੍ਰੀ ਗ੍ਰੰਥ ਸਾਹਿਬ ਜੀ ਦੇ ਸਰੂਪ ਗਾਇਬ ਹੋ ਰਹੇ ਹਨ ਤੇ ਇਸ ਲਈ ਕਾਨੂੰਨੀ ਕਾਰਵਾਈ ਤਾਂ ਬਣਦੀ ਸੀ ਪਰ ਇਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੀ ਨਕਾਮੀ ਤੇ ਨਾਲਾਇਕੀ ਹੈ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਕੋਈ ਵੀ ਸਜ਼ਾ ਨਹੀਂ ਹੋਈ। ਇਨਸਾਫ਼ ਮੋਰਚੇ ਬਾਰੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਉਦੋਂ ਤੱਕ ਇੱਥੋਂ ਨਹੀਂ ਹਿਲਾਂਗੇ, ਜਦੋਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲਦੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ।