ਅੰਮ੍ਰਿਤਸਰ: ਨਨਕਾਣਾ ਸਾਹਿਬ ਪਰਤਣ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਨੇ ਅਟਾਰੀ-ਵਾਹਗਾ ਸਰਹੱਦ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ 6 ਘੰਟਿਆਂ ਵਿੱਚ ਅੱਤਵਾਦੀ ਬਣ ਜਾਣ ਵਾਲਾ ਬਿਆਨ ਬਹੁਤ ਹੀ ਨਿੰਦਣਯੋਗ ਹੈ।
ਇਸ ਬਿਆਨ ਨੇ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਹਨ। ਇਸ ਲਈ ਡੀਜੀਪੀ ਨੂੰ ਨੈਤਿਕਤਾ ਦੇ ਆਧਾਰ 'ਤੇ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ 5 ਮੈਂਬਰੀ ਕਮੇਟੀ ਅੱਗੇ ਪੇਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਰਣਜੀਤ ਸਿੰਘ ਨੂੰ ਨਕਲੀ ਨਿਰੰਕਾਰੀ ਦੇ ਤੌਰ 'ਤੇ ਪੇਸ਼ ਕਰ ਰਹੇ ਹਨ ਜੋ ਕਿ ਸਿੱਖ ਕੌਮ ਲਈ ਘਾਤਕ ਹੋ ਸਕਦਾ ਹੈ। ਇਸ ਲਈ ਅਜਿਹੀਆਂ ਘਿਨਾਉਣੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ।