ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਝੋਨੇ ਦੀ ਫਸਲ ਦੀ ਬਿਜਾਈ ਮੌਕੇ ਕਿਸਾਨਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆ ਸੰਬੰਧੀ ਪਾੱਵਰਕਾਮ ਦੇ ਐੱਸ.ਸੀ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਦੇ ਨਾਲ ਹੋਰ ਵੀ ਕਿਸਾਨ ਆਗੂਆਂ ਵੱਲੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਆਉਣ ਵਾਲੀ ਮੁਸ਼ਕਲਾਂ ਸੰਬੰਧੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਸਰਕਾਰ ਵਲੋਂ ਅੱਠ ਘੰਟੇ ਬਿਜਲੀ ਦੀ ਸਪਲਾਈ ਦੇਣ ਦੀ ਗੱਲ ਕੀਤੀ ਗਈ ਸੀ, ਜੋ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਇੱਕ ਪਾਸੇ ਜਿਥੇ ਖੇਤੀ ਕਾਨੂੰਨਾਂ ਨੂੰ ਲੈਕੇ ਉਹ ਕੇਂਦਰ ਦੀ ਸਰਕਾਰ ਖਿਲਾਫ਼ ਸੰਘਰਸ਼ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਹੁਣ ਬਿਜਲੀ ਦੀ ਸਪਲਾਈ ਨੂੰ ਲੈਕੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਹੈ। ਇਸ ਸਬੰਧੀ ਕਿਸਾਨ ਆਗੂ ਪੰਧੇਰ ਦਾ ਕਹਿਣਾ ਕਿ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਪ੍ਰਾਈਵੇਟ ਥਰਮਲਾਂ ਹੱਥ ਬਿਜਲੀ ਦੀ ਸਪਲਾਈ ਦਿੱਤੀ ਹੋਈ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਪੰਜਾਬ ਦੇ ਲੋਕਾਂ ਦੀ ਲੁੱਟ ਕਰਨ 'ਤੇ ਤੁਰੀ ਹੋਈ ਹੈ।