ਅੰਮ੍ਰਿਤਸਰ: ਸੂਬੇ 'ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਿਨ-ਬ ਦਿਨ ਵੱਧਦੀ ਜਾ ਰਹੀ ਹੈ। ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ "ਮਿਸ਼ਨ ਫਤਿਹ" ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਅੰਮ੍ਰਿਤਸਰ 'ਚ "ਮਿਸ਼ਨ ਫਤਿਹ" ਦੀ ਰਸਮੀ ਸ਼ੁਰੂਆਤ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਵੱਲੋਂ ਕੀਤੀ ਗਈ।
ਓਪੀ ਸੋਨੀ ਨੇ ਮਿਸ਼ਨ ਫਤਿਹ ਦੀ ਕੀਤੀ ਰਸਮੀ ਸ਼ੁਰੂਆਤ ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਗੱਡੀਆਂ ਚਲਾਈਆਂ ਗਈਆਂ ਹਨ। ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਵੱਲੋਂ ਇਨ੍ਹਾਂ ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਹ ਗੱਡੀਆਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਘੁੰਮ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨਗੀਆਂ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਸੂਬੇ 'ਚ ਸਮੁੱਚੀ ਦੁਨੀਆ ਕੋਰੋਨਾ ਮਹਾਮਾਰੀ ਦੇ ਖ਼ਤਰਨਾਕ ਦੌਰ ਚੋਂ ਲੰਘ ਰਹੀ ਹੈ। ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦਾ ਅੰਕੜਾ ਇਸ ਲਈ ਵੱਧ ਰਿਹਾ ਹੈ, ਕਿਉਂਕੀ ਲੋਕ ਜਾਗਰੂਕ ਨਹੀਂ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਮਿਸ਼ਨ ਫਤਿਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਬਿਮਾਰੀ ਦਾ ਕੋਈ ਇਲਾਜ ਸੰਭਵ ਨਹੀਂ ਹੈ, ਪਰ ਜੇਕਰ ਅਸੀਂ ਸਾਵਧਾਨ ਰਹਿਏ ਤਾਂ ਇਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲਾਂਚ ਕੀਤੇ ਗਏ "ਕੋਵਾ ਐਪ" ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਿਹ ਦੇ ਤਹਿਤ ਲੋਕਾਂ ਵਿਚਾਲੇ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਦੌਰਾਨ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਬਚਾਅ ਦੇ ਉਪਾਅ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਿਸ਼ਨ ਫਤਿਹ ਨਾਲ ਘਰ-ਘਰ ਤੱਕ ਕੋਵਿਡ-19 ਪ੍ਰਤੀ ਜਾਗਰੂਕਤਾ ਫੈਲਾਉਣਾ ਚਾਹੁੰਦੀ ਹੈ ਤਾਂ ਜੋ ਪੰਜਾਬ ਨੂੰ ਕੋਰੋਨਾ ਮੁਕਤ ਬਣਾਇਆ ਜਾ ਸਕੇ। ਜਾਗਰੂਕਤਾ ਨਾਲ ਅਸੀਂ ਵੱਧ ਤੋਂ ਵੱਧ ਲੋਕਾਂ ਦੀ ਜਾਨ ਬਚਾ ਸਕਦੇ ਹਾਂ।
ਉਨ੍ਹਾਂ ਦੱਸਿਆ ਕਿ ਇਸ ਮਿਸ਼ਨ 'ਚ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ, ਸਿਹਤ ਵਿਭਾਗ ਦੀਆਂ ਟੀਮਾਂ ਦੀ ਸਹਾਇਤਾ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵੌਰਿਅਰਸ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ 'ਚ ਕਰਫਿਊ ਲਗਾ ਕੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ 'ਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰੀ ਹਿਦਾਇਤਾਂ ਮੰਨਦੇ ਹੋਏ ਕੋਰੋਨਾ ਵਾਇਰਸ ਤੋਂ ਬਚਾਅ ਰੱਖਣ ਦੀ ਅਪੀਲ ਕੀਤੀ।