ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਐਸਜੀਪੀਸੀ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਇਆ। ਇਹ ਨਗਰ ਕੀਰਤਨ ਸਵੇਰੇ 8:30 ਵਜੇ ਸ਼ੁਰੂ ਹੋਇਆ।
ਇਸ ਮੌਕੇ ਪੰਜ ਪਿਆਰੀਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪਾਲਕੀ ਸਾਹਿਬ ਸਜਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਇਸ ਮੌਕੇ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਥੇ ਸ਼ਮੂਲੀਅਤ ਕੀਤੀ।
ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਈ ਨਗਰ ਕੀਰਤਨ ਦੀ ਆਰੰਭਤਾ ਇਸ ਬਾਰੇ ਦੱਸਦੇ ਹੋਏ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਤਹਿਤ ਹੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਦਿੱਲੀ ਤੋਂ ਵਾਪਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਆ ਕੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਨੌਵੇਂ ਪਾਤਸ਼ਾਹ ਨਾਲ ਸਬੰਧਤ ਵੱਖ-ਵੱਖ ਗੁਰ-ਅਸਥਾਨਾਂ ਤੋਂ ਹੁੰਦਾ ਹੋਇਆ ਅਗਲੇ ਪੜਾਵਾਂ ਵੱਲ ਵਧੇਗਾ। ਪੰਜਾਬ, ਹਰਿਆਣਾ ਤੋਂ ਦਿੱਲੀ ਤੇ ਮੁੜ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਈ ਨਗਰ ਕੀਰਤਨ ਦੀ ਆਰੰਭਤਾ ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਸਮਾਗਮ ਵੀ ਉਲੀਕੇ ਗਏ ਹਨ। ਇਨ੍ਹਾਂ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਤੋਂ ਹੋ ਚੁੱਕੀ ਹੈ। ਇਸੇ ਤਹਿਤ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਮਾਰਚ ਤੋਂ 28 ਮਾਰਚ ਤੱਕ ਦੇ ਗੁਰਮਤਿ ਸਮਾਗਮ ਰੱਖੇ ਗਏ ਹਨ। ਇਸ ਮਗਰੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਕਰਵਾਏ ਜਾਣਗੇ ਅਤੇ ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ 1 ਮਈ ਨੂੰ ਹੋਵੇਗਾ। ਮੁੱਖ ਸਮਾਗਮ ਤੋਂ ਪਹਿਲਾਂ ਸ੍ਰੀ ਅੰਮ੍ਰਿਤਸਰ ਵਿਖੇ ਹਫਤਾ ਭਰ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ਅਤੇ ਸਾਰੇ ਸ਼ਹਿਰ ਨੂੰ ਰੁਸ਼ਨਾਇਆ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਇਤਿਹਾਸਕ ਗੁਰਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਗਤ ਅੰਦਰ ਜਾਗਰੂਕਤਾ ਅਤੇ ਪ੍ਰੇਰਣਾ ਪੈਦਾ ਕਰੇਗਾ।
ਇਸ ਦੌਰਾਨ ਸੰਗਤਾਂ ਨੂੰ ਵਿਸ਼ੇਸ਼ ਤੌਰ ਉੱਤੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।