ਅੰਮ੍ਰਿਤਸਰ: 34 ਸਾਲ ਪਹਿਲਾਂ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਰੋਸ ਕਰਨ ਵਾਲੇ 4 ਸਿੱਖ ਨੌਜਵਾਨ 4 ਫਰਵਰੀ 1986 ਨੂੰ ਨਕੋਦਰ ਵਿਖੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋ ਗਏ ਸਨ। ਉਨ੍ਹਾਂ ਸ਼ਹੀਦਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਹੀਂ ਮਿਲੀ ਹੈ। ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਇਨਸਾਫ਼ ਲਈ ਅੱਜ ਵੀ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ। ਇਸ ਬੇਅਦਬੀ ਕਾਂਡ ਵਿੱਚ ਸਿੱਖ ਨੌਜਵਾਨ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਬਲਵੀਰ ਸਿੰਘ ਰਾਮਗੜ੍ਹ, ਭਾਈ ਝਿਲਮਿਲ ਸਿੰਘ ਗੇਰਸੀਆਂ ਤੇ ਭਾਈ ਹਰਮਿੰਦਰ ਸਿੰਘ ਚਲੂਪਰ ਸ਼ਹੀਦ ਹੋ ਗਏ ਸਨ।
ਇਨ੍ਹਾਂ ਸ਼ਹੀਦ ਹੋਏ ਨੌਜਵਾਨਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ ਪਰ ਪੰਥਕ ਮਸਲਾ ਹੋਣ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰ ਲਗਾਤਾਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕਰ ਰਹੇ ਹਨ। ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਲਿੱਤਰਾਂ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਕਈ ਵਾਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਮਿਲ ਚੁੱਕੇ ਹਨ ਪਰ ਪਹਿਲਾਂ ਵਾਲੇ ਜਥੇਦਾਰਾਂ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਹੁਣ ਫੇਰ ਉਹ ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲਣ ਆਏ ਹਨ ਕਿਉਂਕਿ ਉਹ ਸਮਝਦੇ ਹਨ ਕਿ ਜਥੇਦਾਰ ਹਰਪ੍ਰੀਤ ਸਿੰਘ ਨੂੰ ਗੁਰਬਾਣੀ ਦਾ ਵੱਧ ਗਿਆਨ ਹੈ, ਇਸ ਲਈ ਉਹ ਉਨ੍ਹਾਂ ਦੇ ਪੁੱਤਰਾਂ ਨੂੰ ਸ਼ਹੀਦ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕਾਰਵਾਈ ਜ਼ਰੂਰ ਅਮਲ ਵਿੱਚ ਲਿਆਉਣ।