ਅੰਮ੍ਰਿਤਸਰ: ਸੂਬੇ ਭਰ ਵਿੱਚ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚੌਕਸੀ ਵਰਤੀ ਜਾ ਰਹੀ ਹੈ। ਇਸੇ ਦੇ ਚੱਲਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਈਐਸਆਈ ਸਮਰਥਿਤ ਨਾਰਕੋ ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਦੇ ਡਾਇਰੈਕਟਰ ਜਨਰਲ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਦੇ ਮੁੱਖ ਸੰਚਾਲਕ ਨੂੰ ਉਸਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਵਿਸਫੋਟਕ ਬਰਾਮਦ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।
ਮਾਮਲੇ ਸਬੰਧੀ ਡੀਜੀਪੀ ਨੇ ਦੱਸਿਆ ਕਿ ਮੋਡਿਊਲ ਨੂੰ ਕੈਨੇਡਾ ਸਥਿਤ ਲਖਬੀਰ ਸਿੰਘ ਉਰਫ ਲੰਡਾ, ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਅਤੇ ਇਟਲੀ ਦੇ ਹਰਪ੍ਰੀਤ ਸਿੰਘ ਉਰਫ ਹੈਪੀ ਵੱਲੋਂ ਸਾਂਝੇ ਤੌਰ 'ਤੇ ਚਲਾਇਆ ਜਾ ਰਿਹਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਯੋਗਰਾਜ ਸਿੰਘ ਉਰਫ ਯੋਗ ਵਾਸੀ ਪਿੰਡ ਰਾਜੋਕੇ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ, ਇਸ ਤੋਂ ਇਲਾਵਾ ਪੁਲਿਸ ਨੇ ਪੰਜ ਹੋਰ ਸਾਥੀਆਂ ਦੀ ਵੀ ਸ਼ਨਾਖਤ ਕੀਤੀ ਹੈ, ਜੋ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਮੋਡਿਊਲ ਦਾ ਹਿੱਸਾ ਸਨ।