ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਮੁਤਾਬਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ 18 ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ।
ਇਸ ਮੌਕੇ ਐਸਜੀਪਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਅੰਤ੍ਰਿੰਗ ਕਮੇਟੀ, ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਅਤੇ ਗਦਰੀ ਬਾਬਿਆਂ ਦੇ ਪਰਿਵਾਰ ਮੈਂਬਰ ਮੌਜੂਦ ਸਨ। ਇਸ ਮੌਕੇ ਗਦਰੀ ਬਾਬਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ।
ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਇਸ ਨਾਲ ਗਦਰੀ ਬਾਬਿਆਂ ਦੀ ਦੇਣ ਨੂੰ ਸਿੱਖ ਜਗਤ ਵੱਲੋਂ ਵੱਡਾ ਸਨਮਾਨ ਪ੍ਰਾਪਤ ਹੋਇਆ ਹੈ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ।
ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਗਦਰੀ ਯੋਧਿਆਂ ਅਤੇ ਬੱਬਰ ਅਕਾਲੀ ਲਹਿਰ ਦਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਛਪਵਾ ਕੇ ਸੰਗਤਾਂ ਤੱਕ ਪਹੁੰਚਾਉਣ ਦਾ ਐਲਾਨ ਕੀਤਾ। ਭਾਈ ਲੌਂਗੋਵਾਲ ਨੇ ਆਖਿਆ ਕਿ ਸਿੱਖ ਗਦਰੀ ਯੋਧਿਆਂ ਨੇ ਦੇਸ਼ ਦੀ ਅਜ਼ਾਦੀ ਦੇ ਨਾਲ-ਨਾਲ ਵਿਦੇਸ਼ਾਂ ਦੀ ਧਰਤੀ ’ਤੇ ਮਨੁੱਖੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਲੜਾਈ ਲੜੀ ਹੈ।
ਉਨ੍ਹਾਂ ਕਿਹਾ ਕਿ ਖ਼ਾਸਕਰ ਕੈਨੇਡਾ ਅੰਦਰ ਨਸਲੀ ਵਿਤਕਰੇ ਖਿਲਾਫ਼ ਸਿੱਖ ਗਦਰੀ ਬਾਬਿਆਂ ਨੇ ਜ਼ੋਰਦਾਰ ਅਵਾਜ਼ ਉਠਾਈ ਸੀ। ਆਪਣੇ ਇਨ੍ਹਾਂ ਪੁਰਖਿਆਂ ਦੀ ਦੇਣ ਸਦਕਾ ਹੀ ਵਿਦੇਸ਼ਾਂ ਅੰਦਰ ਸਿੱਖ ਉੱਚ ਮੁਕਾਮ ਹਾਸਲ ਕਰ ਰਹੇ ਹਨ। ਸਿੱਖਾਂ ਨੂੰ ਆਪਣੇ ਇਨ੍ਹਾਂ ਯੋਧਿਆਂ ਦੀ ਦੇਣ ’ਤੇ ਮਾਣ ਹੈ ਅਤੇ ਸਦਾ ਰਹੇਗਾ।