ਅੰਮ੍ਰਿਤਸਰ: ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਜਿਥੇ ਪੂਰੀ ਦੁਨੀਆ ਘਰਾਂ ਅੰਦਰ ਰਹਿਣ ਲਈ ਮਜ਼ਬੂਰ ਹੈ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਸੰਕਟ ਦੀ ਘੜੀ ਮੌਕੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦਾ ਵੱਡਾ ਉਪਰਾਲਾ ਕਰ ਰਹੀ ਹੈ। ਪੰਜਾਬ ਅੰਦਰ ਬੰਦ ਵਾਲੀ ਸਥਿਤੀ ਦੇ ਚੱਲਦਿਆਂ ਵੱਡੀ ਗਿਣਤੀ ਵਿੱਚ ਲੋਕਾਂ ਦਾ ਰੁਜ਼ਗਾਰ ਖੁੱਸ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਸੇਵਾ ਲਗਾਤਾਰ ਜਾਰੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਜਿਹੇ ਹਾਲਾਤ ਬਣਨ ਦੇ ਪਹਿਲੇ ਦਿਨ ਤੋਂ ਇਹ ਆਦੇਸ਼ ਜਾਰੀ ਕੀਤੇ ਹਨ ਕਿ ਹਰ ਗੁਰਦੁਆਰਾ ਸਾਹਿਬ ਤੋਂ ਲੰਗਰ ਤਿਆਰ ਕਰਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ। ਇਸੇ ਦੇ ਚੱਲਦਿਆਂ ਜਿਥੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਤੋਂ ਅੰਮ੍ਰਿਤਸਰ ਸ਼ਹਿਰ ਅੰਦਰ ਜ਼ਰੂਰਤਮੰਦਾਂ ਤੱਕ ਰੋਜ਼ਾਨਾ ਲੰਗਰ ਭੇਜਿਆ ਜਾ ਰਿਹਾ ਹੈ। ਉਥੇ ਹੀ ਸ਼੍ਰੋਮਣੀ ਕਮੇਟੀ ਦੇ ਬਾਕੀ ਵੱਖ-ਵੱਖ ਜ਼ਿਲ੍ਹਿਆਂ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਵੱਲੋਂ ਵੀ ਇਹ ਕਾਰਜ ਜਾਰੀ ਹੈ।
ਐਸਜੀਪੀਸੀ ਵੱਲੋਂ ਲੋੜਵੰਦਾਂ ਦੀ ਮਦਦ ਸਬੰਧੀ ਕੀਤੀ ਮੀਟਿੰਗ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਵਾਲੇ 79 ਗੁਰਦੁਆਰਾ ਸਾਹਿਬਾਨ ਤੋਂ ਮਾਨਵਤਾ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਸਾਰੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਵਿਸ਼ੇਸ਼ ਨਿਗਰਾਨੀ ਲਈ ਆਦੇਸ਼ ਦਿੱਤੇ ਗਏ ਹਨ। ਹਰ ਗੁਰਦੁਆਰੇ ਤੋਂ ਇਲਾਕੇ ਦੀ ਲੋੜ ਅਨੁਸਾਰ ਗੱਡੀਆਂ ਦੀ ਵਿਵਸਥਾ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨਾਲ ਜੁੜੀਆਂ 400 ਤੋਂ ਵੱਧ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ ਵੀ ਲੋੜਵੰਦਾਂ ਦੀ ਮਦਦ ਜਾਰੀ ਹੈ।
ਇਹ ਵੀ ਪੜ੍ਹੋ: ਨਿਜ਼ਾਮੁਦੀਨ ਮਰਕਜ 'ਚ ਸ਼ਾਮਲ ਹੋਣ ਵਾਲੇ ਤੇਲੰਗਾਨਾ ਦੇ 6 ਲੋਕਾਂ ਦੀ ਮੌਤ
ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਜਾਣਕਾਰੀ ਦਿੱਤੀ ਕਿ ਬੰਦ ਦੌਰਾਨ ਫਸੇ ਲੋਕਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਘਰ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹੁਣ ਤੱਕ ਦਿਲੀ, ਹਰਿਆਣਾ, ਉੱਤਰਪ੍ਰਦੇਸ਼, ਗੁਜਰਾਤ, ਜੰਮੂ ਕਸ਼ਮੀਰ, ਰਾਜਸਥਾਨ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਘਰ ਪਹੁੰਚਾਇਆ ਗਿਆ ਹੈ। ਇਹ ਕਾਰਜ ਪ੍ਰਸ਼ਾਸਨ ਦੀ ਸਹਿਮਤੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਜੇ ਵੀ ਕੁਝ ਲੋਕ ਸ਼੍ਰੋਮਣੀ ਕਮੇਟੀ ਕੋਲ ਪੁੱਜੇ ਹਨ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਵਿਚ ਠਹਿਰਾਅ ਦਿੱਤਾ ਗਿਆ ਹੈ। ਇਨ੍ਹਾਂ ਵਿਚ ਟਾਟਾਨਗਰ, ਮਹਾਰਾਸ਼ਟਰ ਤੇ ਬਿਹਾਰ ਦੇ ਲੋਕ ਹਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਘਰੋਂ-ਘਰੀਂ ਪਹੁੰਚਾਇਆ ਗਿਆ।