ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਸਰਕਾਰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰੇ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੀ ਆਪਣੇ ਪੱਧਰ 'ਤੇ ਇਸ ਦੀ ਜਾਂਚ ਕਰਵਾਏਗੀ ਅਤੇ ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੇਸ ਸਿੱਖ ਰਹਿਣੀ ਦਾ ਅਹਿਮ ਅੰਗ ਹਨ ਅਤੇ ਸਿੱਖ ਕੇਸਾਂ ਨੂੰ ਜਾਨ ਤੋਂ ਵੱਧ ਪਿਆਰ ਕਰਦਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨ ਦੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਕੇਸ ਕਤਲ ਕਰ ਦਿੱਤੇ ਗਏ। ਪੰਜਾਬ ਵਿੱਚ ਵਾਪਰੀ ਅਜਿਹੀ ਘਟਨਾ ਬੇਹੱਦ ਗੰਭੀਰ 'ਤੇ ਚਿੰਤਾਜਨਕ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਡੁੰਗਾਈ ਨਾਲ ਜਾਂਚ ਕਰਵਾ ਕੇ ਦੋਸ਼ੀ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਅਜਿਹੀ ਅਨੈਤਕ ਹਰਕਤ ਦੀ ਹਿੰਮਤ ਨਾ ਕਰ ਸਕੇ।