ਅੰਮ੍ਰਿਤਸਰ:ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ, ਜੋ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। 14 ਅਪ੍ਰੈਲ ਨੂੰ ਮੁੱਖ ਸਮਾਗਮ ਵਿਚ ਸ਼ਮੂਲੀਅਤ ਉਪਰੰਤ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਣਗੇ। 15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 16 ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਦੌਰਾਨ 17-18 ਅਪ੍ਰੈਲ ਨੂੰ ਸਿੱਖ ਸ਼ਰਧਾਲੂ ਗੁਰਦੁਆਰਾ ਡੇਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਨਤਮਸਤਕ ਹੋਣਗੇ। ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।