ਅੰਮ੍ਰਿਤਸਰ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੇ ਨਤੀਜੇ 10 ਮਾਰਚ ਨੂੰ ਆਉਣ ਵਾਲੇ ਅਤੇ ਇਸ ਤੋਂ ਇਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੋਕਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਜਿੱਥੇ ਬਾਦਲ ਜੋੜੇ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਉੱਥੇ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਤੇ ਨਤਮਸਤਕ ਹੋਣ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਐਗਜ਼ਿਟ ਪੋਲ ਨਿਊਜ਼ ਚੈਨਲਾਂ ਦੇ ਉੱਤੇ ਦਿਖਾਏ ਜਾ ਰਹੇ ਹਨ ਹੁਣ ਉਨ੍ਹਾਂ ਐਗਜ਼ਿਟ ਪੋਲਾਂ ਦੇ ਉੱਤੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਨਹੀਂ ਰਿਹਾ ਅਤੇ ਇਸ ਵਾਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊਜ਼ ਚੈਨਲਾਂ ’ਤੇ ਹਰ ਵਾਰ ਗ਼ਲਤ ਐਗਜ਼ਿਟ ਪੋਲ ਦਿਖਾਏ ਜਾਂਦੇ ਹਨ।
ਨਾਲ ਹੀ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾਵੇ ਕਿਉਂਕਿ ਸਰਕਾਰਾਂ ਸਰਕਾਰੀ ਪੈਸੇ ਦਾ ਗ਼ਲਤ ਫ਼ਾਇਦਾ ਚੁੱਕ ਕੇ ਨਿਊਜ਼ ਚੈਨਲਾਂ ਨੂੰ ਪੈਸੇ ਦੇ ਕੇ ਆਪਣੇ ਹੱਕ ਚ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ਕਰਵਾਉਂਦੀਆਂ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ ਯੂਕਰੇਨ ਵਿੱਚ ਹੋ ਰਹੇ ਯੁੱਧ ’ਤੇ ਬੋਲਦੇ ਹੋਏ ਕਿਹਾ ਕਿ ਯੂਕਰੇਨ ਚੋਂ ਬਹੁਤ ਸਾਰੇ ਪੰਜਾਬੀ ਆਪਣੀਆਂ ਜਾਨਾਂ ਬਚਾ ਕੇ ਭਾਰਤ ਵਾਪਸ ਆ ਰਹੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਸਵਾਗਤ ਲਈ ਉਨ੍ਹਾਂ ਦਾ ਪੰਜਾਬ ਸਰਕਾਰ ਦਾ ਡੈਲੀਗੇਸ਼ਨ ਜਾਂ ਪੰਜਾਬ ਦਾ ਮੁੱਖ ਮੰਤਰੀ ਖੁਦ ਦਿੱਲੀ ਏਅਰਪੋਰਟ ’ਤੇ ਪਹੁੰਚੇ। ਪਰ ਸ਼ਾਇਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੁੱਧ ਦੀਆਂ ਧਾਰਾਂ ਕੱਢਣ ਤੋਂ ਇਲਾਵਾ ਕੋਈ ਕੰਮ ਨਹੀਂ ਸ਼ਾਇਦ।