ਅੰਮ੍ਰਿਤਸਰ: ਪੰਜਾਬ ਦੇ ਸਿੱਖਿਆ ਸਕੱਤਰ ਵੱਲੋਂ ਸਰਕਾਰੀ ਸਕੂਲਾਂ ਵਿਚੋਂ ਮਾਸਟਰ ਕੇਡਰ ਤੇ ਹੋਰਨਾਂ ਕੇਡਰ ਨਾਲ ਸਬੰਧਤ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਕੇਡਰ ਨਾਲ ਸਬੰਧਤ ਪੋਸਟਾਂ ਨੂੰ ਅਸਿੱਧੇ ਢੰਗ ਨਾਲ ਰੈਸ਼ਨੇਲਾਈਜੇਸ਼ਨ ਕਰਕੇ ਖ਼ਤਮ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਅਧਿਆਪਕਾਂ 'ਚ ਭਾਰੀ ਰੋਸ ਹੈ।
ਅੰਮ੍ਰਿਤਸਰ ਵਿਖੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਅਜਨਾਲਾ ਵਿਖੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ।
ਮਾਸਟਰ ਕੇਡਰ ਅਸਾਮੀਆਂ ਖ਼ਤਮ ਕਰਨ ਵਿਰੁੱਧ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ ਇਸ ਦੌਰਾਨ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਨਾਲ ਸਕੂਲਾਂ 'ਚ ਸਿੱਖਿਆ ਖ਼ਤਮ ਹੁੰਦੀ ਜਾ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਖਾਲੀ ਪਈ ਲੋੜੀਂਦਾ ਅਸਾਮੀਆਂ ਭਰਨ ਦੀ ਮੰਗ ਕੀਤੀ ਗਈ ਸੀ, ਪਰ ਸੂਬਾ ਸਰਕਾਰ ਨੇ ਲੋੜੀਂਦਾ ਅਸਾਮੀਆਂ ਭਰਨ ਦੀ ਬਜਾਏ ਹੋਰਨਾਂ ਅਸਾਮੀਆਂ ਵੀ ਖ਼ਤਮ ਕਰ ਦਿੱਤੀਆਂ।
ਉਨ੍ਹਾਂ ਕਿਹਾ ਭਾਵੇਂ ਪੰਜਾਬ ਸਰਕਾਰ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ 'ਚ ਜੁੱਟੀ ਹੋਈ ਹੈ,ਪਰ ਉਹ ਵਿਦਿਆਰਥੀਆਂ ਤੇ ਸਿੱਖਿਆ ਵਿਚਾਲੇ ਅਹਿਮ ਹਿੱਸੇ ਯਾਨੀ ਅਧਿਆਪਕਾਂ ਦੀ ਮਹੱਤਤਾ ਘਟਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਧਿਆਪਕ ਮਾਰੂ ਨੀਤੀਆਂ ਕਾਰਨ ਸਿੱਖਿਆ ਦਾ ਪੱਧਰ ਹੇਠਾਂ ਆ ਸਕਦਾ ਹੈ।
ਸਰਕਾਰ ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਹੋਣ ਨਾਲ ਵਿਦਿਆਰਥੀਆਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਸਕੱਤਰ ਵੱਲੋਂ ਮਾਸਟਰ ਕੇਡਰ ਤੇ ਹੋਰ ਕੇਡਰ ਦੀਆਂ ਅਸਾਮੀਆਂ ਸਰਕਾਰੀ ਸਕੂਲਾਂ ਵਿਚੋਂ ਰੇਸ਼ਨਾਲਾਈਜੇਸ਼ਨ ਅਧੀਨ ਖ਼ਤਮ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਲੈ ਕੇ ਅਧਿਆਪਕ ਵਰਗ 'ਚ ਭਾਰੀ ਰੋਸ ਹੈ। ਅਧਿਆਪਕਾਂ ਨੇ ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਆਪਣਾ ਫ਼ੈਸਲਾ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ। ਮੰਗਾਂ ਨਾ ਮੰਨੇ ਜਾਣ 'ਤੇ ਉਨ੍ਹਾਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦੀ ਗੱਲ ਆਖੀ।