ਬਠਿੰਡਾ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਲਗਭਗ ਪਿਛਲੇ ਦਸ ਮਹੀਨਿਆਂ ਤੋਂ ਰੋਸ ਵਜੋਂ ਪ੍ਰਦਰਸ਼ਨ ਕਰਦੇ ਬੈਠੇ ਹਨ। ਇਸ ਵਿਚਾਲੇ ਕਿਸਾਨਾਂ ਦੀ ਸਰਕਾਰ ਨਾਲ ਕਈ ਮੀਟਿੰਗਾਂ ਵੀ ਹੋਈਆਂ ਹਨ ਪਰ ਕੋਈ ਹੱਲ ਨਹੀਂ ਨਿਕਲ ਸਕਿਆ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਮੁੱਢ ਤੋਂ ਰੱਦ ਕੀਤਾ ਜਾਵੇ ਅਤੇ ਐਮ.ਐਸ.ਪੀ 'ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇ, ਪਰ ਸਰਕਾਰ ਦਾ ਕਹਿਣਾ ਕਿ ਕਾਨੂੰਨ ਰੱਦ ਨਹੀਂ ਹੋਣਗੇ।
ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਇਸ ਸੱਦੇ ਨੂੰ ਸਫ਼ਲ ਕਰਨ ਲਈ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਹੋਕਾ ਦਿੱਤਾ ਜਾ ਰਿਹਾ ਹੈ, ਜਿਸ 'ਚ ਉਨ੍ਹਾਂ ਵਲੋਂ ਲੋਕਾਂ ਨੂੰ ਇਸ ਬੰਦ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਦੇ ਚੱਲਦਿਆਂ ਬਠਿੰਡਾ ਸ਼ਹਿਰ ਅਤੇ ਗੋਨਿਆਣਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਮੋਟਰਸਾਈਕਲ ਰੈਲੀ ਕਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਆਦੇਸ਼ਾਂ ਤੋਂ ਬਾਅਦ ਹਰ ਵਰਗ ਦਾ ਸਹਿਯੋਗ ਲੈ ਕੇ ਹੀ ਇਸ ਬੰਦ ਨੂੰ ਸਫਲ ਬਣਾਇਆ ਜਾਵੇਗਾ।