ਬਠਿੰਡਾ : ਪੰਜਾਬ 'ਚ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦਾ ਖਿਲਾਫ ਲਗਾਤਾਰ 23 ਵੇਂ ਦਿਨ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਦੀ ਅਗਲੀ ਰੂਪ ਰੇਖਾ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬਠਿੰਡਾ ਦੇ ਟੀਚਰ ਹਾਊਸ ਵਿਖੇ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮਗਰੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਬੀਕੇਯੂ ਉਗਰਾਹਾਂ ਨੇ ਦੁਸਹਿਰੇ ਮੌਕੇ ਭਾਜਪਾ ਆਗੂਆਂ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਹੈ।
ਬੀਕੇਯੂ ਉਗਰਾਹਾਂ ਦਾ ਐਲਾਨ, ਦੁਸਹਿਰੇ ਮੌਕੇ ਸਾੜੇ ਜਾਣਗੇ ਭਾਜਪਾ ਆਗੂਆਂ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ - ਬੀਕੇਯੂ ਉਗਰਾਹਾਂ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਠਿੰਡਾ ਦੇ ਟੀਚਰ ਹਾਊਸ ਵਿਖੇ ਵਿਸ਼ੇਸ਼ ਬੈਠਕ ਕੀਤੀ ਗਈ। ਬੀਕੇਯੂ ਉਗਰਾਹਾਂ ਵੱਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਖਿਲਾਫ ਦੁਸਹਿਰੇ ਮੌਕੇ ਭਾਜਪਾ ਆਗੂਆਂ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦਿੱਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਹ ਫੈਸਲਾ ਕਿਸਾਨ ਜੱਥੇਬੰਦੀਆਂ ਵੱਲੋਂ ਲਿਆ ਗਿਆ ਹੈ। ਉਨ੍ਹਾਂ ਆਖਿਆ ਕਿ ਦੁਸਹਿਰੇ ਮੌਕੇ ਪੰਜਾਬ ਦੇ ਕਿਸਾਨਾਂ ਵਲੋਂ ਭਾਜਪਾ ਆਗੂਆਂ ਤੇ ਕਾਰਪੋਰੇਟ ਘਰਾਣਿਆਂ ਖਿਲਾਫ ਪੰਜਾਬ ਦੇ ਲੋਕਾਂ ਦੀ ਵਿਸ਼ਾਲ ਏਕਤਾ ਵੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜਨ ਕੇ ਅਸੀਂ ਲੋਕਾਂ ਨੂੰ ਨਵੇਂ ਖੇਤੀ ਕਾਨੂੰਨਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਾਵਾਂਗੇ। ਉਨ੍ਹਾਂ ਦੱਸਿਆ ਕਿ ਇਹ ਦਿਨ ਪੰਜਾਬ ਦੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਜਨ ਏਕਤਾ 'ਚ ਤਬਦੀਲ ਕਰੇਗਾ।
ਕਿਸਾਨ ਆਗੂਆਂ ਨੇ ਦੱਸਿਆ ਕਿ ਦੁਸਹਿਰੇ ਦੇ ਦਿਨ ਬਠਿੰਡਾ ਸਣੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਭਾਜਪਾ ਆਗੂਆਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਹੈੱਡਕੁਆਰਟਰ ਉੱਤੇ ਪੁੱਜੀਆਂ ਰਿਪੋਰਟਾਂ ਮੁਤਾਬਕ ਇਨ੍ਹਾਂ ਪ੍ਰਦਰਸ਼ਨਾਂ ਲਈ ਪੇਂਡੂ ਜਨਤਾ ਤੋਂ ਇਲਾਵਾ ਸ਼ਹਿਰੀ ਜਨਤਾ 'ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਆਖਿਆ ਕਿ ਕਿਸਾਨ ਮੋਦੀ ਸਰਕਾਰ ਦੀ ਕਿਸਾਨ ਮਾਰੂ ਨੀਤੀਆਂ ਤੇ ਕਿਸਾਨ ਵਿਰੋਧੀ ਖੇਤੀ ਸੁਧਾਰ ਕਾਨੂੰਨ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਣਗੇ। ਇਸ ਮੌਕੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਬਣਾਂਵਾਲੀ ਥਰਮਲ ਪਲਾਂਟ ਅਤੇ ਰਾਜਪੁਰਾ ਥਰਮਲ ਪਲਾਂਟ ਨੇੜੇ ਰੇਲ ਲਾਈਨਾਂ ਉੱਤੇ ਧਰਨਾ ਲਾ ਕੇ ਕੋਲੇ ਦੀ ਸਪਲਾਈ ਬੰਦ ਕੀਤੀ ਜਾਵੇ ਤਾਂ ਜੋ ਕਾਰਪੋਰੇਟ ਘਰਾਣਿਆਂ ਨੂੰ ਨੁਕਸਾਨ ਹੋਵੇ। ਉਨ੍ਹਾਂ ਸਿਆਸੀ ਪਾਰਟੀਆਂ ਦੇ ਦਖ਼ਲਅੰਦਾਜੀ ਨੂੰ ਸਿਆਸਤ ਦਾ ਕਰਾਰ ਦਿੱਤਾ।