ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਤੋਂ ਬਚਾਅ ਲਈ ਸੂਬਾ ਸਰਕਾਰ ਵੱਲੋਂ ਪੰਜਾਬ 'ਚ ਕਰਫਿਊ ਲਗਾਇਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਰਫਿਊ ਨੂੰ ਸਫ਼ਲ ਬਣਾਉਣ ਦੀ ਹਰ ਸੰਭਵ ਕੋਸ਼ਿਸ਼ ਜਾਰੀ ਹੈ।
ਜਾਇਜ਼ਾ ਲੈਣ ਪੁਜੇ ਪ੍ਰਸ਼ਾਸਨਿਕ ਅਧਿਕਾਰੀ ਕਰਫਿਊ ਦੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ 'ਤੇ ਸ਼ਹਿਰ ਦੇ ਹਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਤੇ ਆਈਜੀ ਰੋਪੜ, ਅਮਿਤ ਪ੍ਰਸਾਦ ਨੇ ਸ਼ਹਿਰ ਦੇ ਹਲਾਤਾਂ ਦਾ ਜਾਇਜ਼ਾ ਲਿਆ।
ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਉਨ੍ਹਾਂ ਵੱਲੋਂ ਸ਼ਹਿਰ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪੁਲਿਸ ਮੁਲਾਜ਼ਮ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਉਂਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ 'ਚ ਕੁੱਝ ਲਾਲਚੀ ਦੁਕਾਨਦਾਰ ਮੁਨਾਫਾ ਕਮਾਉਣ ਲਈ ਲੋਕਾਂ ਨੂੰ ਐਮਆਰਪੀ ਤੋਂ ਵੱਧ ਮੁੱਲ 'ਤੇ ਸਾਮਾਨ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਵੱਧ ਮੁੱਲ 'ਤੇ ਵਸਤੂਆਂ ਵੇਚਦਾ ਪਾਇਆ ਗਿਆ ਤਾਂ ਉਸ ਦੇ ਵਿਰੁੱਧ ਸਖ਼ਤ ਕਰਾਵਾਈ ਕੀਤੀ ਜਾਵੇਗੀ।
ਹੋਰ ਪੜ੍ਹੋ : ਕੋਵਿਡ-19: ਮੋਹਾਲੀ ਦੇ ਨਵਾਂ ਗਾਓਂ ਦਾ ਪਾਜ਼ੀਟਿਵ ਮਾਮਲਾ ਆਉਣ ਤੋਂ ਬਾਅਦ ਪਿੰਡ ਕੀਤਾ ਸੀਲ
ਡਿਪਟੀ ਕਮਿਸ਼ਨਰ ਨੇ ਦੱਸਿਆ ਰਾਜਨੀਤਕ ਨੇਤਾਵਾਂ ਤੇ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ। ਲੋਕਾਂ ਲਈ ਲੋੜਵੰਦ ਵਸਤੂਆਂ ਡੋਰ-ਟੂ-ਡੋਰ ਸਰਵਿਸ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਘਰਾਂ ਦੇ ਅੰਦਰ ਰਹਿ ਕੇ ਕੋਰੋਨਾ ਵਾਇਰਸ ਦੇ ਵਿਰੁੱਧ ਜਾਰੀ ਇਸ ਲੜਾਈ 'ਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।