ਬਠਿੰਡਾ: ਪਿਛਲੇ ਦਿਨੀਂ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਕਿਸਾਨਾਂ ਦੀ ਆਮਦਨ ਦਸ ਗੁਣਾਂ ਕਰਨ ਦੀ ਦਿੱਤੀ ਸਟੇਟਮੈਂਟ ਤੋਂ ਬਾਅਦ ਕਿਸਾਨ ਜਥੇਬੰਦੀਆਂ ਬੁਰੀ ਤਰ੍ਹਾਂ ਭੜਕ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਇਸ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਜਿਸ ਤਰ੍ਹਾਂ ਲੋਕਾਂ ਦੇ ਖਾਤੇ ਵਿੱਚ ਪੰਦਰਾਂ-ਪੰਦਰਾਂ ਲੱਖ ਰੁਪਿਆ ਆਇਆ ਉਸੇ ਤਰ੍ਹਾਂ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਗਈ ਹੈ।
ਪੰਦਰਾਂ ਪੰਦਰਾਂ ਲੱਖ ਦਾ ਐਲਾਨ!: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਿਸ ਤਰ੍ਹਾਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਦਰਾਂ ਪੰਦਰਾਂ ਲੱਖ ਰੁਪਏ ਹਰ ਵਿਅਕਤੀ ਨੂੰ ਦੇਣ ਦਾ ਐਲਾਨ ਕੀਤਾ ਗਿਆ ਸੀ ਉਸੇ ਤਰਜ਼ ਉੱਪਰ ਹੁਣ ਕਿਸਾਨਾਂ ਦੀ ਆਮਦਨ ਦਸ ਗੁਣਾ ਕਰ ਦਿੱਤੀ ਗਈ ਹੈ।
ਕਿਸਾਨ ਕਰਜ਼ੇ ਦੀ ਮਾਰ ਝੱਲ ਰਹੇ: ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨਾਂ ਦੀ ਹਾਲਤ ਸਭ ਤੋਂ ਵੱਧ ਤਰਸਯੋਗ ਹੈ ਅਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਖੇਤੀਬਾੜੀ ਨਾਲ ਸਬੰਧਤ ਖਾਦਾਂ ਅਤੇ ਮਸ਼ੀਨਰੀ ਦੇ ਰੇਟਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪਹਿਲਾਂ ਹੀ ਕਿਸਾਨ ਕਰਜ਼ੇ ਦੀ ਮਾਰ ਝੱਲ ਰਹੇ ਦੇ ਹੋਏ ਖੁਦਕੁਸ਼ੀਆਂ ਦੇ ਰਾਹ ਪੈ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨਾਂ ਨਾਲ ਮਜ਼ਾਕ ਕਰਨਾ ਬੰਦ ਕਰੋ ਅਤੇ ਉਨ੍ਹਾਂ ਦੀਆਂ ਫਸਲਾਂ ਦਾ ਜਾਇਜ਼ ਦਿਓ।
ਜ਼ਖਮਾਂ ’ਤੇ ਲੂਣ ਛਿੜਕ ਰਹੀ ਸਰਕਾਰ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਵੱਲੋਂ ਜੋ ਕਿਸਾਨਾਂ ਦੀ ਆਮਦਨ ਦਸ ਗੁਣਾ ਕਰਨ ਦਾ ਬਿਆਨ ਦਿੱਤਾ ਗਿਆ ਹੈ, ਉਹ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ੇ ਕਾਰਨ ਖੁਦਕੁਸ਼ੀਆਂ ਦੇ ਰਾਹ ਪਿਆ ਹੈ ਅਤੇ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੇ ਜ਼ਖਮਾਂ ’ਤੇ ਲੂਣ ਛਿੜਕ ਰਹੀ ਹੈ।
ਐਮ.ਐਸ.ਪੀ ਦਾ ਥਾਂ ਐਮ.ਆਰ.ਪੀ:ਉਨ੍ਹਾਂ ਕਿਹਾ ਕਿ ਮਿਨੀਮਮ ਸੁਪੋਰਟ ਪ੍ਰਾਈਜ਼ (Minimum support price) ਦੀ ਥਾਂ ਮੈਕਸੀਮਮ ਸਪੋਰਟ ਪਰਾਈਜ਼ (maximum support price) ਦਿਓ ਤਾਂ ਜੋ ਕਿਸਾਨਾਂ ਨੂੰ ਵੱਡੀ ਰਾਹਤ ਮਿਲ ਸਕੇ, ਇਸ ਸਮੇਂ ਕਿਸਾਨਾਂ ਦਾ ਪ੍ਰਤੀ ਕੁਇੰਟਲ ਤਿੰਨ ਹਜ਼ਾਰ ਤੋਂ ਵੱਧ ਕਣਕ ਉੱਪਰ ਖਰਚ ਆ ਰਿਹਾ ਹੈ ਜਦਕਿ ਕੇਂਦਰ ਸਰਕਾਰ ਵੱਲੋਂ ਮਾਤਰ ਦੋ ਹਜਾਰ ਪੰਦਰਾਂ ਰੁਪਏ ਪ੍ਰਤੀ ਕੁਇੰਟਲ ਦਿੱਤੀ ਜਾ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜਿਹੇ ਮਜ਼ਾਕ ਕਿਸਾਨਾਂ ਨਾਲ ਨਾ ਕਰੇ।
ਬਿਆਨ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ: ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਹੈ ਕਿਸਾਨਾਂ ਨੂੰ ਰਾਹਤ ਫਿਰ ਹੀ ਮਿਲੇਗੀ ਜਦੋਂ ਉਨ੍ਹਾਂ ਨੂੰ ਫ਼ਸਲਾਂ ਦੇ ਭਾਅ ਮਿਲਣਗੇ। ਅੱਜ ਕਿਸਾਨਾਂ ਨੂੰ ਫਸਲਾਂ ਦੇ ਭਾਅ ਨਹੀਂ ਮਿਲ ਰਹੇ ਜਿਸ ਕਾਰਨ ਉਹ ਖ਼ੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਜਿਹੀ ਪਾਲਿਸੀ ਲੈ ਕੇ ਆਵੇ ਜਿਸ ਨਾਲ ਕਿਸਾਨ ਨੂੰ ਉਭਾਰਿਆ ਜਾ ਸਕੇ ਜੇਕਰ ਕਿਸਾਨ ਹੀ ਨਾ ਰਿਹਾ ਤਾਂ ਦੇਸ਼ ਤਰੱਕੀ ਕਿਸ ਤਰ੍ਹਾਂ ਕਰੇਗਾ।
ਇਹ ਵੀ ਪੜੋ:ਪੰਜਾਬ ਵਿਧਾਨਸਭਾ ਭਰਤੀ ਘੁਟਾਲਾ: ਸਪੀਕਰ ਸੰਧਵਾਂ ਵੱਲੋਂ ਕਰਵਾਈ ਜਾਵੇਗੀ ਜਾਂਚ