ਬਠਿੰਡਾ: ਪਿਛਲੇ ਦਿਨੀਂ ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਪਿਛਲੇ ਪਾਸੇ ਬਣੀ ਰਾਖ 'ਚੋਂ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਗਾਉਂਦਿਆਂ ਸਾਬਕਾ ਵਿਧਾਇਕ ਵੱਲੋਂ ਸੀ.ਬੀ.ਆਈ ਜਾਂਚ ਦੀ ਮੰਗ ਕੀਤੀ ਗਈ ਸੀ। ਉਥੇ ਹੀ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਸਾਬਕਾ ਵਿਧਾਇਕ ਸਰੂਪ ਚੰਡ ਸਿੰਗਲਾ ਵੱਲੋਂ ਇੱਕ ਸ਼ਿਕਾਇਤ ਬਠਿੰਡਾ ਦੇ ਐੱਸਐੱਸਪੀ ਭੁਪਿੰਦਰਜੀਤ ਸਿੰਘ ਵਿਰਕ ਨੂੰ ਦਿੱਤੀ ਗਈ ਹੈ।
ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਇਸ ਨਾਜਾਇਜ਼ ਮਾਈਨਿੰਗ ਦੀ ਆੜ ਵਿੱਚ ਵਿੱਤ ਮੰਤਰੀ ਦੇ ਰਿਸ਼ਤੇਦਾਰ ਵੱਲੋਂ ਕਰੋੜਾਂ ਰੁਪਏ ਦਾ ਗਬਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਬਠਿੰਡਾ ਵਾਸੀਆਂ ਦੇ ਆਮਦਨ ਸਾਧਨਾਂ ਨੂੰ ਵੀ ਇਸ ਤਰ੍ਹਾਂ ਲੁੱਟ ਨਹੀਂ ਹੋਣ ਦੇਣਗੇ। ਇਸ ਮਾਮਲੇ ਲਈ ਉਨ੍ਹਾਂ ਸਿੱਧੇ ਤੌਰ 'ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਜ਼ਿੰਮੇਵਾਰ ਦੱਸਿਆ ਹੈ।