ਬਠਿੰਡਾ: ਕੋਰੋਨਾ ਵਾਇਰਸ ਦੇ ਮਰੀਜਾਂ ਦੇ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਤੇ ਸਿਹਤ ਵਿਭਾਗ ਵੱਲੋਂ ਮੁਕਮਲ ਤਿਆਰੀ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਵਿੱਚ ਸ਼ਹਿਰ ਦੀ ਵੱਖ-ਵੱਖ ਥਾਵਾਂ ਉੱਤੇ ਸਿਹਤ ਵਿਭਾਗ ਵੱਲੋਂ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਇਸ ਦਾ ਜਾਇਜ਼ਾ ਵੀ ਲਿਆ ਗਿਆ।
ਕੋਰੋਨਾ ਵਾਇਰਸ ਤੋਂ ਬਚਾਅ ਲਈ ਬਠਿੰਡਾ ਸਿਹਤ ਵਿਭਾਗ ਨੇ ਤਿਆਰ ਕੀਤੇ ਆਈਸੋਲੇਸ਼ਨ ਵਾਰਡ
ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਵਿੱਚ ਦਹਿਸ਼ਤ ਤੇ ਡਰ ਦਾ ਮਾਹੌਲ ਹੈ। ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾਂ ਅੰਦਰ ਵੱਖ-ਵੱਖ ਥਾਵਾਂ ਉੱਤੇ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਗਏ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲ, ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਤੇ ਸਪੋਰਟਸ ਸਕੂਲ ਢੂੱਡਾ ਵਿਖੇ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰਨਾਂ ਕਈ ਥਾਵਾਂ ਉੱਤੇ ਨਵੇਂ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਜਾ ਰਹੇ ਹਨ ਤੇ ਮਰੀਜਾਂ ਦੇ ਇਲਾਜ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੋਂ ਬੱਚਣ ਤੇ ਸਮਾਜਿਕ ਤੌਰ 'ਤੇ ਭੀੜ-ਭਾੜ ਵਾਲੀਆਂ ਥਾਵਾਂ ਉੱਤੇ ਨਾ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਲੋਕਾਂ ਦੀ ਮਦਦ ਲਈ ਤਿਆਰ ਹੈ। ਮਰੀਜਾਂ ਨੂੰ ਪੂਰੀ ਤਰ੍ਹਾਂ ਨਾਲ ਡਾਕਟਰੀ ਸਹਾਇਤਾ ਮਿਲੇਗੀ। ਡੀਸੀ ਨੇ ਲੋਕਾਂ ਨੂੰ ਸਰਕਾਰ ਦੇ ਨਿਰਦੇਸ਼ ਮੰਨਣ ਦੀ ਅਪੀਲ ਕੀਤੀ ਹੈ ਤਾਂ ਜੋ ਲੋਕਾਂ ਨੂੰ ਇਸ ਗੰਭੀਰ ਬਿਮਾਰੀ ਤੋਂ ਬਚਾਇਆ ਜਾ ਸਕੇ।