ਬਠਿੰਡਾ :ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਉੱਤੇ "ਆਮ ਆਦਮੀ ਪਾਰਟੀ" ਦੀ ਸਰਕਾਰ ਬੁਰੀ ਤਰ੍ਹਾਂ ਘਿਰਦੀ ਨਜ਼ਰ ਆ ਰਹੀ ਹੈ। ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਰਬੱਤ ਖ਼ਾਲਸਾ ਦੌਰਾਨ ਥਾਪੇ ਗਏ ਮੁਤਵਾਜ਼ੀ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕਾਰਗੁਜ਼ਾਰੀ ਉੱਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਦੀ ਕੁਰਸੀ ਉੱਤੇ ਨਹੀਂ ਬੈਠਿਆ ਸੀ ਤਾਂ ਉਹ ਵਾਰ-ਵਾਰ ਬੇਅਦਬੀ ਦਾ ਮੁੱਦਾ ਚੁੱਕ ਰਿਹਾ ਸੀ ਪਰ ਮੁੱਖ ਮੰਤਰੀ ਬਣਨ ਉਪਰੰਤ ਜਦੋਂ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉੱਤੇ ਚੰਡੀਗੜ੍ਹ ਜਾ ਕੇ ਮਿਲਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ। ਜਿਸ ਦੇ ਚਲਦੇ ਹੁਣ ਉਨ੍ਹਾਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 24 ਜੂਨ ਨੂੰ ਜਲੰਧਰ ਵਿਖੇ ਬੈਠਕ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਸਲ ਮੁਲਜ਼ਮਾਂ ਨੂੰ ਫੜਨ ਅਤੇ ਉਨ੍ਹਾਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਦੀ ਰੂਪ ਰੇਖਾ ਦਾ ਐਲਾਨ ਕਰਨਗੇ।