ਬਠਿੰਡਾ: ਸੰਗਰੂਰ ਵਿਖੇ ਵਿਜੀਲੈਂਸ ਵੱਲੋਂ ਇਕ ਪਟਵਾਰੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਸੂਬਾ ਭਰ ਵਿੱਚ ਪਟਵਾਰੀਆਂ ਦੇ ਹੜਤਾਲ ਤੇ ਚਲੇ ਜਾਣ ਤੋਂ ਬਾਅਦ ਅੱਜ ਇਨ੍ਹਾਂ ਦੇ ਹੱਕ ਵਿੱਚ ਤਹਿਸੀਲਦਾਰਾਂ ਵੱਲੋਂ ਸਮੂਹਿਕ ਛੁੱਟੀ ਲੈਣ ਦਾ ਐਲਾਨ ਕਰ ਦਿੱਤਾ ਹੈ। ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ 'ਤੇ ਚਲੇ ਜਾਣ ਨਾਲ ਸਰਕਾਰੀ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਤਹਿਸੀਲ ਵਿੱਚ ਕੰਮ ਕਰਵਾਉਣ ਆਏ ਲੋਕ ਪਰੇਸ਼ਾਨ ਹੁੰਦੇ ਨਜ਼ਰ ਆਏ ਲੋਕਾਂ ਦਾ ਕਹਿਣਾ ਸੀ ਕਿ ਪਟਵਾਰੀਆਂ ਦੀ ਹੜਤਾਲ ਨਾਲ ਜਿੱਥੇ ਕੰਮ ਕਾਰ ਪਹਿਲਾਂ ਹੀ ਪ੍ਰਭਾਵਿਤ ਹੋ ਰਿਹਾ ਸੀ ਉੱਥੇ ਹੀ ਤਹਿਸੀਲਦਾਰਾਂ ਦੇ ਸਮੂਹਿਕ ਛੁੱਟੀ ਜਾਣ ਨਾਲ ਉਨ੍ਹਾਂ ਦਾ ਕੰਮਕਾਜ ਬਿਲਕੁਲ ਠੱਪ ਹੋ ਗਿਆ ਹੈ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਦਾ ਇਸ ਮਾਮਲੇ ਨੂੰ ਲੈ ਕੇ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਤਹਿਸੀਲਦਾਰਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਇਨ੍ਹਾਂ ਨੂੰ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਭਰੋਸਾ ਦਿਲਵਾਇਆ ਕਿ ਜਲਦ ਹੀ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇਗਾ। ਹੜਤਾਲ 'ਤੇ ਗਏ ਤਹਿਸੀਲਦਾਰਾਂ ਦਾ ਕਹਿਣਾ ਹੈ ਕਿ ਪਹਿਲਾਂ ਜਾਂਚ ਕੀਤੀ ਜਾਵੇ ਉਸ ਤੋਂ ਬਾਅਦ ਕਾਰਵਾਈ ਕੀਤੀ ਜਾਵੇ।