ਬਠਿੰਡਾ: ਪੰਜਾਬ ਭਰ ਵਿੱਚ ਨਸ਼ੇ ਦੇ ਕਾਰਨ ਕਈ ਪਰਿਵਾਰ ਉੱਜੜ ਗਏ ਅਤੇ ਕਈਆਂ ਮਾਵਾਂ ਦੀਆਂ ਕੁੱਖਾਂ ਉਜੜ ਗਈਆਂ ਹਨ। ਬੇਸ਼ੱਕ ਸਰਕਾਰਾਂ ਵੱਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਪਰ ਇਸਦੇ ਬਾਵਜੁਦ ਵੀ ਨਸ਼ਿਆਂ ਦੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਸੇ ਨੂੰ ਦੇਖਦੇ ਹੋਏ ਹੁਣ ਪਿੰਡਾਂ ਦੇ ਲੋਕਾਂ ਨੇ ਨਸ਼ਾ ਤਸਕਰਾਂ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਪਿੰਡ ਦੇ ਲੋਕਾਂ ਨੇ ਬਣਾਈ ਕਮੇਟੀ: ਦੱਸ ਦਈਏ ਕਿ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਲੋਕ ਅਤੇ ਪੂਰੀ ਪੰਚਾਇਤ ਨਸ਼ਾ ਤਸਕਰਾਂ ਦੇ ਖਿਲਾਫ ਇੱਕਜੁੱਟ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਨਸ਼ਾ ਤਸਕਰ ਫੜਿਆ ਗਿਆ ਜਾਂ ਫਿਰ ਨੌਜਵਾਨ ਚਿੱਟਾ ਪੀਂਦੇ ਹੋਏ ਕਾਬੂ ਕੀਤਾ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪਿੰਡ ਦੇ ਲੋਕਾਂ ਵੱਲੋਂ ਥਾਂ ਥਾਂ ਉੱਤੇ ਪੋਸਟਰ ਵੀ ਲਗਾਏ ਗਏ ਹਨ।
ਪਿੰਡ ਵਿੱਚ ਲਗਾਏ ਗਏ ਪੋਸਟਰ:ਪਿੰਡ ਗੋਬਿੰਦਪੁਰਾ ਦੀ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਪਿੰਡ ਵਿੱਚ ਨਸ਼ਿਆਂ ਤੇ ਪੂਰਨ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਰੋਕਥਾਮ ਦੇ ਲਈ ਇੱਕ ਕਮੇਟੀ ਬਣਾਈ ਗਈ ਹੈ। ਮੈਂਬਰ ਦੀ ਜਾਣਕਾਰੀ ਵੀ ਇਨ੍ਹਾਂ ਪੋਸਟਰਾਂ ਵਿੱਚ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਕਮੇਟੀ ਵਿੱਚ 12 ਮੈਂਬਰ ਹਨ।