ਚੰਡੀਗੜ੍ਹ : ਗਲਵਾਨ ਘਾਟੀ ਵਿੱਚ ਮਿਸਾਲੀ ਬਹਾਦਰੀ ਦਿਖਾਉਣ ਵਾਲੇ ਪੰਜਾਬ ਦੇ 5 ਸ਼ਹੀਦਾਂ ਦੇ ਸਤਿਕਾਰ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸ਼ਹੀਦਾਂ ਦੇ ਜੱਦੀ ਪਿੰਡਾਂ ਦੇ ਵਿਕਾਸ ਲਈ 25-25 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ। ਸਾਬਕਾ ਫੌਜੀਆ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਹੈ ਕਿ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਿੰਡਾਂ ਦਾ ਵਿਕਾਸ ਕੀਤਾ ਜਾਵੇ।
ਵੇਰਵੇ ਜਾਰੀ ਕਰਦਿਆਂ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਵੱਲੋਂ 3 ਮੀਡੀਅਮ ਰੈਜੀਮੈਂਟ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਿੰਡ ਸੀਲ (ਪਟਿਆਲਾ), 3 ਮੀਡੀਅਮ ਰੈਜੀਮੈਂਟ ਦੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਪਿੰਡ ਭੋਜਰਾਜ (ਗੁਰਦਾਸਪੁਰ), 3 ਪੰਜਾਬ ਦੇ ਵੀਰ ਚੱਕਰਾ ਐਵਾਰਡੀ ਸਿਪਾਹੀ ਗੁਰਤੇਜ ਸਿੰਘ ਦੇ ਪਿੰਡ ਬੀਰੇਵਾਲ ਡੋਗਰਾ (ਮਾਨਸਾ), 3 ਪੰਜਾਬ ਦੇ ਸਿਪਾਹੀ ਗੁਰਬਿੰਦਰ ਸਿੰਘ ਦੇ ਪਿੰਡ ਤੋਲੇਵਾਲ (ਸੰਗਰੂਰ) ਅਤੇ 58 ਇੰਜਨੀਅਰ ਰੈਜੀਮੈਂਟ ਦੇ ਲਾਂਸ ਨਾਇਕ ਸਲੀਮ ਖਾਨ ਦੇ ਪਿੰਡ ਮਰਦਾਂਹੇੜੀ (ਪਟਿਆਲਾ) ਦੇ ਵਿਕਾਸ ਲਈ 25-25 ਲੱਖ ਰੁਪਏ ਪ੍ਰਵਾਨ ਕੀਤੇ ਗਏ।