ਚੰਡੀਗੜ੍ਹ:ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਹਨਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਦੇ ਨਾਂ ਬਦਲ ਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ 'ਤੇ ਰੱਖੇ ਗਏ ਹਨ।
ਜਲੰਧਰ ਜ਼ਿਲ੍ਹੇ ‘ਚ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਲੇਟ ਲਾਲਾ ਜਗਤ ਨਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੰਡਾਲਾ ਜ਼ਿਲ੍ਹਾ ਐਸ.ਏ.ਐਸ ਨਗਰ ਦਾ ਨਾਂ ਸ਼ਹੀਦ ਨਾਇਕ ਗੱਜਣ ਸਿੰਘ ਸਰਕਾਰੀ ਹਾਈ ਸਕੂਲ ਕੰਡਾਲਾ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਂਸ ਕਲਾਂ ਦਾ ਨਾਂ ਸ਼ਹੀਦ ਉੱਤਮ ਸਿੰਘ ਹਾਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਤੇ ਲੁਧਿਆਣਾ ਜ਼ਿਲ੍ਹੇ ਦੇ ਹੀ ਸਰਕਾਰੀ ਮਿਡਲ ਸਕੂਲ ਬੱਦੋਵਾਲ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਸੁਖਦੇਵ ਸਿੰਘ ਸਰਕਾਰੀ ਮਿਡਲ ਸਕੂਲ ਬੱਦੋਵਾਲ ਰੱਖਿਆ ਗਿਆ ਹੈ।