ਚੰਡੀਗੜ੍ਹ: ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਭੱਤਿਆਂ ਵਿੱਚ ਕਟੌਤੀ ਕਰਨ ਤੋਂ ਬਾਅਦ ਮੰਗਲਵਾਰ ਨੂੰ ਅਫ਼ਸਰਾਂ ਨੂੰ ਮਿਲਣ ਵਾਲੇ ਪੈਟਰੋਲ ਵਿੱਚ ਵੀ 25 ਫੀਸਦ ਦੀ ਕਟੌਤੀ ਕਰ ਦਿੱਤੀ ਹੈ।
ਸੂਬੇ ਦੇ ਸਾਰੇ ਸਪੈਸ਼ਲ ਚੀਫ਼ ਸੱਕਤਰਾਂ ਵਧੀਕ ਸਕੱਤਰਾਂ, ਪ੍ਰਸ਼ਾਂਸਕੀ ਸੱਕਤਰਾਂ ਤੇ ਵਿਭਾਗਾਂ ਦੇ ਮੁਖੀਆਂ ਜਿਨ੍ਹਾਂ ਨੂੰ ਵੀ ਸਰਕਾਰੀ ਗੱਡੀਆਂ ਮਿਲੀਆ ਹੋਈਆਂ ਹਨ। ਉਨ੍ਹਾਂ ਨੂੰ ਮਿਲਣ ਵਾਲੇ ਪੈਟਰੋਲ ਵਿੱਚ ਵੀ ਕੱਟ ਲੱਗ ਗਿਆ ਹੈ। ਕੈਬਿਨੇਟ ਦੀ ਉਪ-ਕਮੇਟੀ ਦੀ 21 ਅਪ੍ਰੈਲ ਨੂੰ ਹੋਈ ਮੀਟਿੰਗ ਵਿੱਚ ਕੀਤੀਆਂ ਗਈਆਂ ਸਿਫਾਰਸ਼ਾਂ ਮੁਤਾਬਕ ਇਹ ਫੈਸਲਾ ਲਿਆ ਗਿਆ ਹੈ।
ਸਿਹਤ, ਮੈਡੀਕਲ, ਸਿਖਿਆ, ਪੁਲਿਸ, ਖੁਰਾਕ ਸਪਲਾਈ ਤੇ ਜ਼ਿਲ੍ਹਾ ਪ੍ਰਸ਼ਾਸਨ ਉੱਤੇ ਫੈਸਲਾ ਲਾਗੂ ਨਹੀਂ ਹੋਵੇਗਾ। ਬਾਕੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਿਲਣ ਵਾਲੇ ਪੈਟਰੋਲ ਦੇ ਖਰਚ ਵਿੱਚ ਕਟੌਤੀ ਕੀਤੀ ਗਈ ਹੈ। ਵਿੱਤ ਵਿਭਾਗ ਨੇ ਇਸ ਦੇ ਪਿੱਛੇ ਦਲੀਲ ਦਿੱਤੀ ਹੈ ਕਿ ਸਾਰੇ ਵਿਭਾਗ ਆਪਣੇ 50 ਫੀਸਦੀ ਮੁਲਾਜ਼ਮਾਂ ਨਾਲ ਕੰਮ ਕਰ ਰਹੇ ਹਨ। ਇਨ੍ਹਾਂ ਦਿਨਾਂ ਵਿੱਚ ਆਵਾਜਾਈ ਵੀ ਕਾਫੀ ਘੱਟ ਹੋ ਗਈ ਹੈ ਸਾਰਾ ਕੰਮ ਆਨਲਾਈਨ ਹੀ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਹੀ ਵਿੱਤ ਵਿਭਾਗ ਨੇ ਸੂਬੇ ਦੇ ਸਾਰੇ ਮੁਲਾਜ਼ਮਾਂ ਨੂੰ ਮਿਲਣ ਵਾਲੇ ਮੋਬਾਈਲ ਭੱਤੇ ਵਿੱਚ ਵੀ ਲਗਭਗ 50 ਫੀਸਦ ਦੀ ਕਟੌਤੀ ਕਰ ਦਿੱਤੀ ਸੀ। ਕੋਰੋਨਾ ਕਾਰਨ ਸੂਬਾ ਸਰਕਾਰ ਦੀ ਵਿੱਤੀ ਹਾਲਤ ਕਮਜ਼ੋਰ ਹੋ ਗਈ ਹੈ।