ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਈ। ਇਸ ਬੈਠਕ ਵਿੱਚ ਆਰਥਿਕ ਪੱਖੋਂ ਕਮਜ਼ੋਰ ਵਰਗਾਂ (ਈ.ਡਬਲਿਊ.ਐਸ.) ਲਈ ਨਵੀਂ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਨਾਲ ਅਜਿਹੇ ਵਰਗਾਂ ਲਈ 25000 ਤੋਂ ਵਧੇਰੇ ਮਕਾਨਾਂ ਦੀ ਉਸਾਰੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਨੀਤੀ ਤਹਿਤ ਨਿਰਮਾਣਕਾਰੀਆਂ ਅਤੇ ਅਥਾਰਟੀਆਂ ਵੱਲੋਂ ਈ.ਡਬਲਿਊ.ਐੱਸ ਹਾਊਸਿੰਗ ਲਈ ਪ੍ਰੋਜੈਕਟ ਖੇਤਰ ਦਾ 5 ਫ਼ੀਸਦ ਨਿਰਮਾਣ ਲੋੜੀਂਦਾ ਹੋਵੇਗਾ। ਇਨ੍ਹਾਂ ਘਰਾਂ ਦਾ ਨਿਰਮਾਣ ਢੁਕਵੇਂ ਮਾਪ ਦੀਆਂ ਥਾਵਾਂ ਵਿੱਚ ਕੀਤਾ ਜਾਵੇਗਾ, ਜਿਸ ਵਿੱਚ ਸਮਾਜਿਕ ਬੁਨਿਆਦੀ ਢਾਂਚਾ ਜਿਵੇਂ ਸਕੂਲ, ਕਮਿਊਨਿਟੀ ਸੈੱਟਰ ਅਤੇ ਡਿਸਪੈਂਸਰੀਆਂ ਢੁਕਵੀਆਂ ਥਾਵਾਂ 'ਤੇ ਬਣਾਈਆਂ ਜਾਣਗੀਆਂ।
ਇਹ ਫੈਸਲਾ ਵੀਡਿਓ ਕਾਨਫਰੰਸਿੰਗ ਜ਼ਰੀਏ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਨਵੀਂ ਨੀਤੀ ਤਹਿਤ ਘਰਾਂ ਦੀ ਉਸਾਰੀ ਬਰਿੱਕਲੈੱਸ ਤਕਨੀਕ ਰਾਹੀਂ ਹੋਵੇਗੀ ਜਿਸ ਖਾਤਰ ਯੋਗ ਪ੍ਰੋਜੈਕਟ ਪ੍ਰਬੰਧਨ ਏਜੰਸੀਆਂ (ਪੀ.ਐਮ.ਏਜ਼) ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਹ ਘਰ ਯੋਗ ਪਰਿਵਾਰਾਂ ਨੂੰ ਮੁਹੱਈਆ ਕਰਵਾਏ ਜਾਣਗੇ, ਜਿਨ੍ਹਾਂ ਨੂੰ ਮੁਨਾਸਬ ਰੇਟਾਂ 'ਤੇ ਮਹੀਨਾਵਰ ਕਿਸ਼ਤਾਂ ਜ਼ਰੀਏ ਬੈਂਕਾਂ ਵੱਲੋਂ ਵਿੱਤ ਮੁਹੱਈਆ ਕਰਵਾਇਆ ਜਾਵੇਗਾ।