ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 5 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 329.49 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 22.34 ਕਰੋੜ ਰੁਪਏ ਦੀ 39.62 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 280 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 23.06 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1233 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3198 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2527 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1593 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।