ਚੰਡੀਗੜ੍ਹ: ਪੰਜਾਬ ਭਰ ਵਿੱਚ ਸਿੱਖਿਆ ਦੇ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਵਿਭਾਗ ਵੱਲੋਂ ਸਮਾਰਟ ਸਕੂਲ ਬਨਾਉਣ ਲਈ ਆਰੰਭੀ ਮੁਹਿੰਮ ਹੇਠ ਹੁਣ ਤੱਕ ਤਕਰੀਬਨ 6000 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ।
ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਇਸ ਦੇ ਨਤੀਜੇ ਵਜੋਂ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ’ਚ 14.55 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਤਕਰੀਬਨ 1 ਲੱਖ 60 ਹਜ਼ਾਰ ਵਿਦਿਆਰਥੀ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਸਾਲ 2019 ਵਿੱਚ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 23,52,112 ਸੀ ਜੋ ਇਸ ਸਾਲ ਵਧ ਕੇ 26,94,424 ਹੋ ਗਈ ਹੈ।
ਪੰਜਾਬ ਦੇ 6 ਹਜ਼ਾਰ ਸਕੂਲਾਂ ਨੂੰ ਸਮਾਰਟ ਸਕੂਲਾਂ 'ਚ ਬਦਲਿਆ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਲਾਗੂ ਕਰਨ ਵਾਸਤੇ ਸਤੰਬਰ 2019 ਸਮਾਰਟ ਸਕੂਲ ਨੀਤੀ ਦੀ ਸ਼ੁਰੂਆਤ ਕੀਤੀ ਸੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣਾ ਅਤੇ ਸਿੱਖਿਆ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆਉਣਾ ਸੀ। ਇਸ ਮੁਹਿੰਮ ਹੇਠ ਇੱਕ ਸਾਲ ਦੇ ਵਿੱਚ ਹੀ 6 ਹਜ਼ਾਰ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ।
ਸਮਾਰਟ ਸਕੂਲ ਬਣਾਉਣ ਦੀ ਇਸ ਮੁਹਿਮ ਵਿੱਚ ਪਿੰਡ ਪੰਚਾਇਤਾਂ ਨੇ ਵਡਮੁੱਲਾ ਯੋਗਦਾਨ ਪਾਇਆ ਹੈ। ਇਸ ਮੁਹਿੰਮ ਦੌਰਾਨ ਸਕੂਲਾਂ ਵਿੱਚ ਕਮਰਿਆਂ, ਖੇਡ ਮੈਦਾਨ, ਸਿੱਖਿਆ ਪਾਰਕ, ਸਾਇੰਸ ਪ੍ਰਯੋਗਸ਼ਾਲਾਵਾਂ ਅਤੇ ਪਖਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ। ਇਸ ਦੇ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਵੀ ਵਾਧਾ ਹੋਇਆ ਹੈ ਜਿਸ ਦਾ ਪ੍ਰਗਟਾਵਾ ਇਸ ਸਾਲ ਸਰਕਾਰੀ ਸਕੂਲਾਂ ਦੇ ਆਏ ਨਤੀਜਿਆਂ ਤੋਂ ਸਪਸ਼ਟ ਮਿਲਦਾ ਹੈ।