ਪੰਜਾਬ

punjab

ETV Bharat / city

ਬਿਨਾਂ ਸਿਆਸੀ ਦਬਾਅ ਅਤੇ ਡਰ ਭੈਅ ਤੋਂ ਕਰਨ ਆਪਣੀ ਡਿਊਟੀ: ਮਾਨ

ਪੰਜਾਬ ਦੀ ਨਵੀਂ ਬਣੀ ਭਗਵੰਤ ਮਾਨ ਸਰਕਾਰ ਨੇ ਆਪਣੀ ਸ਼ੁਰੂਆਤ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤੋਂ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਵੱਲੋਂ 23 ਮਾਰਚ ਨੂੰ ਮੁੱਖਮੰਤਰੀ ਹੈਲਪ ਲਾਈਨ ਸ਼ੁਰੂ ਕਰਨ ਦਾ ਐਲਾਨ (helpline number against corruption on March 23) ਕੀਤਾ ਗਿਆ ਹੈ। ਇਸ ਰਾਹੀਂ ਲੋਕ ਆਪਣੀਆਂ ਸ਼ਿਕਾਇਤਾਂ ਸਿੱਧੇ ਹੀ ਮੁੱਖਮੰਤਰੀ ਨੂੰ ਭੇਜ ਸਕਣਗੇ।

ਭ੍ਰਿਸ਼ਟਾਚਾਰ ਖਿਲਾਫ਼ 23 ਮਾਰਚ ਨੂੰ ਹੈਲਪਲਾਈਨ ਨੰਬਰ ਹੋਵੇਗਾ ਜਾਰੀ
ਭ੍ਰਿਸ਼ਟਾਚਾਰ ਖਿਲਾਫ਼ 23 ਮਾਰਚ ਨੂੰ ਹੈਲਪਲਾਈਨ ਨੰਬਰ ਹੋਵੇਗਾ ਜਾਰੀ

By

Published : Mar 17, 2022, 6:24 PM IST

Updated : Mar 17, 2022, 8:53 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਇੱਕ ਵਟਸਐਪ ਨੰਬਰ ਸ਼ੁਰੂ (helpline number against corruption on March 23) ਕਰੇਗੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਹੁਣ ਤੋਂ ਸੂਬੇ ਵਿਚ ਹਫਤਾ ਵਸੂਲੀ ਨਹੀਂ ਹੋਣ ਦਿੱਤੀ ਜਾਵੇਗੀ , ਜਦਕਿ ਹੁਣ ਤੱਕ ਹਫਤਾ-ਵਸੂਲੀ ਦਾ ਹਿੱਸਾ ਮੰਤਰੀਆਂ ਤੱਕ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਮੰਤਰੀ ਜਾਂ ਵਿਧਾਇਕ ਭ੍ਰਿਸ਼ਟਾਚਾਰ ਦਾ ਨਾ ਤਾਂ ਸਮਰਥਨ ਕਰੇਗਾ ਅਤੇ ਨਾ ਹੀ ਇਸ ਬਾਰੇ ਕੋਈ ਫੋਨ ਕਰੇਗਾ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਸਿਆਸੀ ਦਬਾਅ ਤੋਂ ਮੁਕਤ ਰਹਿ ਕੇ ਕੰਮ ਕਾਰਨ ਲਈ ਕਿਹਾ।

ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਿੰਨਾਂ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜ਼ਮਹੂਰੀਅਤ ਵਿੱਚ ਇਹੀ ਲੋਕ ਅਸਲ ਸ਼ਾਸਕ ਹੁੰਦੇ ਹਨ ਅਤੇ ਸਿਆਸਤਦਾਨਾਂ ਨੂੰ ਸੱਤਾ ਵਿਚ ਰਹਿਣ ਜਾਂ ਬਾਹਰ ਦਾ ਰਸਤਾ ਦਿਖਾਉਣ ਦੀ ਤਾਕਤ ਵੀ ਇੰਨ੍ਹਾਂ ਲੋਕਾਂ ਦੇ ਹੱਥ ਵਿੱਚ ਹੁੰਦੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਰਾਹ ਨਹੀਂ ਪਵੇਗੀ ਅਤੇ ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਅਤੇ ਡਰ-ਭੈਅ ਤੋਂ ਸਮਰਪਿਤ ਭਾਵਨਾ, ਸੰਜੀਦਗੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਤਾਂ ਕਿ ਪੰਜਾਬੀਆਂ ਦੀਆਂ ਉਮੀਦਾਂ ਉਤੇ ਖਰਾ ਉਤਰਿਆ ਜਾ ਸਕੇ ਜਿੰਨ੍ਹਾਂ ਨੇ ਸ਼ਾਨਦਾਰ ਫਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮਾਨ ਨੇ ਅੱਗੇ ਕਿਹਾ, “ਮੈਂ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਕੋਲ ਲਾਲ ਡਾਇਰੀ ਨਹੀਂ ਰੱਖਦਾ ਸਗੋਂ ਮੇਰੇ ਕੋਲ ਤਾਂ ਹਰੀ ਡਾਇਰੀ ਹੁੰਦੀ ਹੈ ਜਿਸ ਕਰਕੇ ਕਿਸੇ ਤਰ੍ਹਾਂ ਦੀ ਬਦਲਾਖੋਰੀ ਬਾਰੇ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ।”

ਸਿਵਲ ਤੇ ਪੁਲਿਸ ਅਫਸਰਾਂ ਦੀ ਬੇਮਿਸਾਲ ਸਮਰੱਥਾ ਤੇ ਕਾਬਲੀਅਤ ਦੀ ਸ਼ਲਾਘਾ ਕਰਦੇ ਹੋਏ ਮਾਨ ਨੇ ਕਿਹਾ, “ਮੈਂ ਤੁਹਾਡੇ ਤੋਂ ਆਸ ਕਰਦਾਂ ਹਾਂ ਕਿ ਤੁਸੀਂ ਆਮ ਲੋਕਾਂ ਦਾ ਸਤਿਕਾਰ ਕਰੋ ਅਤੇ ਬਦਲੇ ਵਿੱਚ ਅਸੀਂ ਵੀ ਤਹਾਨੂੰ ਲੋਕ ਸੇਵਕ ਦੇ ਤੌਰ ’ਤੇ ਸਹੀ ਮਾਅਨਿਆਂ ਵਿਚ ਆਪਣੀ ਕਾਰਗੁਜ਼ਾਰੀ ਦਿਖਾਉਣ ਲਈ ਬਣਦਾ ਮਾਣ-ਸਤਿਕਾਰ ਦਿਆਂਗੇ।” ਬਿਨਾਂ ਕੋਈ ਸੰਕੋਚ ਵਰਤਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ,“ਮੇਰੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜੇਕਰ ਅਜਿਹੀ ਕੋਈ ਸ਼ਿਕਾਇਤ ਮੇਰੇ ਧਿਆਨ ਵਿੱਚ ਆ ਗਈ ਤਾਂ ਇਹੋ ਜਿਹੇ ਅਫਸਰ ਮੈਥੋਂ ਹਮਦਰਦੀ ਦੀ ਝਾਕ ਨਾ ਰੱਖਣ।”

ਮੁੱਖ ਮੰਤਰੀ ਨੇ ਜ਼ਮੀਨੀ ਪੱਧਰ 'ਤੇ ਆਮ ਆਦਮੀ ਦੇ ਜੀਵਨ ਵਿੱਚ ਬਦਲਾਅ ਲਿਆਉਣ ਦੇ ਨਾਲ-ਨਾਲ ਸਾਰਿਆਂ ਨੂੰ ਮੁਫ਼ਤ ਤੇ ਨਿਰਪੱਖ ਨਿਆਂ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਤਿਮਾਹੀ ਆਧਾਰ ‘ਤੇ 'ਬੈਸਟ ਪਰਫਾਰਮੈਂਸ ਐਵਾਰਡ' (ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਐਵਾਰਡ) ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਤਾਂ ਜੋ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਉਪਰਾਲਾ ਯਕੀਕਨ ਤੌਰ 'ਤੇ ਹੋਰਨਾਂ ਅਧਿਕਾਰੀਆਂ ਨੂੰ ਹੋਰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਰਗੁਜ਼ਾਰੀ ਵਿਖਾਉਣ ਲਈ ਪ੍ਰੇਰਿਤ ਕਰੇਗਾ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਸੰਦੇਸ਼ ਭੇਜਣ ਦੇ ਵੀ ਨਿਰਦੇਸ਼ ਦਿੱਤੇ।

ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਉਦੇਸ਼ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਭਰਪੂਰ ਮੌਕੇ ਪੈਦਾ ਕਰਨਾ ਹੋਵੇਗਾ ਤਾਂ ਜੋ ਸਾਡੇ ਸੂਬੇ ‘ਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਮੰਦਭਾਗੇ ਰੁਝਾਨ ਨੂੰ ਰੋਕਿਆ ਜਾ ਸਕੇ। ਉਹਨਾਂ ਅੱਗੇ ਕਿਹਾ, "ਇੰਨ੍ਹਾਂ ਹਾਲਤਾਂ ਨੇ ਰੋਜ਼ੀ-ਰੋਟੀ ਕਮਾਉਣ ਵਾਸਤੇ ਬਿਹਤਰ ਸੰਭਾਵਨਾਵਾਂ ਦੀ ਤਲਾਸ਼ ਵਿੱਚ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਗਰੀਬ ਅਤੇ ਬੇਸਹਾਰਾ ਮਾਪਿਆਂ ਨੂੰ ਆਪਣੀਆਂ ਜਾਇਦਾਦਾਂ ਵੇਚਣ ਲਈ ਵੀ ਮਜ਼ਬੂਰ ਕਰ ਦਿੱਤਾ ਹੈ।

ਉਨ੍ਹਾਂ ਨੇ ਵਾਅਦਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਾਡੇ ਬੇਰੋਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀਆਂ ਅਥਾਹ ਸੰਭਾਵਨਾਵਾਂ ਪੈਦਾ ਕਰਨ ਲਈ ਛੇਤੀ ਹੀ ਇੱਕ ਵਿਆਪਕ ਕਾਰਜ ਯੋਜਨਾ ਲੈ ਕੇ ਆਵੇਗੀ। ਮੀਟਿੰਗ ਵਿਚ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ , ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਡੀਜੀਪੀ ਵੀਕੇ ਭਾਵੜਾ ਤੋਂ ਇਲਾਵਾ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਲ ਸਨ।

ਇਹ ਵੀ ਪੜ੍ਹੋ:ਵੱਡੀ ਖ਼ਬਰ: ਸੀਐੱਮ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ਼ ਕੀਤਾ ਇਹ ਵੱਡਾ ਐਲਾਨ

Last Updated : Mar 17, 2022, 8:53 PM IST

ABOUT THE AUTHOR

...view details