ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਮੰਗ ਪੱਤਰ ਵਿੱਚ ਭਾਰਤ ਸਰਕਾਰ ਵੱਲੋਂ ਕਿਸਾਨਾਂ ਲਈ ਕੱਢੇ ਆਰਡੀਨੈਂਸ ਦੇ ਵਿਰੋਧ ਵਜੋਂ ਇੱਕ ਦਿਨ ਦਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।
'ਆਪ' ਨੇ ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਕੀਤੀ ਮੰਗ - ਵਿਧਾਨ ਸਭਾ ਸੈਸ਼ਨ
ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਇੱਕ ਦਿਨ ਦਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨ ਵਿਰੋਧੀ ਆਰਡੀਨੈਂਸ ਲੈ ਕੇ ਆ ਰਹੀ ਹੈ ਜੋ ਕਿ ਕਿਸਾਨ ਤੇ ਮਜ਼ਦੂਰ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਕਾਂਗਰਸ ਵੀ ਇਸ ਆਰਡੀਨੈਂਸ ਦੇ ਖ਼ਿਲਾਫ਼ ਹੈ ਪਰ ਫਿਰ ਵੀ ਅਸੀਂ ਮੰਗ ਕਰਦੇ ਹਾਂ ਕਿ ਇੱਕ ਦਿਨ ਦਾ ਸੈਂਸਨ ਸੱਦਿਆ ਜਾਵੇ ਤੇ ਕਿਸਾਨ ਆਰਡੀਨੈਂਸ ਦੇ ਵਿਰੋਧ ਵਿੱਚ ਇੱਕ ਮਤਾ ਪਾਸ ਕੀਤਾ ਜਾਵੇ।
ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਨੇ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਹੋਰ ਆਗੂ ਮਿਲਣ ਆਏ ਸਨ ਅਤੇ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਹੈ। ਮੰਗ ਪੱਤਰ ਵਿੱਚ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਂਸ ਦੇ ਖ਼ਿਲਾਫ਼ ਇੱਕ ਦਿਨ ਦਾ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਮੰਗ ਪੱਤਰ 'ਤੇ ਜ਼ਰੂਰ ਵਿਚਾਰ ਕਰਨਗੇ।
ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ 'ਇੱਕ ਭਾਰਤ ਇੱਕ ਮੰਡੀ' ਆਰਡੀਨੈਂਸ ਕੱਢਿਆ ਗਿਆ ਸੀ ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਹੈ। ਹੁਣ 'ਆਪ' ਨੇ ਆਰਡੀਨੈਂਸ ਦੇ ਵਿਰੋਧ ਵਿੱਚ ਮਤਾ ਪਾਸ ਕਰਨ ਲਈ ਇੱਕ ਦਿਨ ਦਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।