ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਨਾਲ ਸਕਾਲਰਸ਼ਿਪ ਘਪਲੇ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਕਲੀਨ ਚਿੱਟ ਦੇ ਖਿਲਾਫ਼ ਸੀਵਾਨ ਨੇੜੇ ਧਰਨਾ ਲਗਾਇਆ ਗਿਆ। ਉੱਥੇ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਮੁੱਖ ਸਕੱਤਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਕੁਝ ਘੰਟਿਆਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਜਿਸ ਮਗਰੋਂ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਜੰਮ ਕੇ ਕੈਪਟਨ ਸਰਕਾਰ 'ਤੇ ਨਿਸ਼ਾਨੇ ਸਾਧੇ। ਇਸ ਦੇ ਨਾਲ ਹੀ ਐਸ ਸੀ ਵਿਦਿਆਰਥੀਆਂ ਨਾਲ ਹੋਏ ਵਜ਼ੀਫ਼ੇ ਦੇ ਘਪਲੇ ਨੂੰ ਲੈ ਕੇ 10 ਅਕਤੂਬਰ ਨੂੰ ਸੰਤ ਸਮਾਜ ਵੱਲੋਂ ਬੰਦ ਦੇ ਸੱਦੇ ਨੂੰ ਵੀ ਸਮਰਥਨ ਦਿੱਤਾ।
ਹਰਪਾਲ ਚੀਮਾ ਨੇ ਕਿਹਾ ਕਿ 10 ਅਕਤੂਬਰ ਨੂੰ ਸੰਤ ਸਮਾਜ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਦਾ ਆਮ ਆਦਮੀ ਪਾਰਟੀ ਸਮਰਥਨ ਕਰੇਗੀ ਅਤੇ ਸਾਰੇ ਵਲੰਟੀਅਰ ਵੀ ਇਸ ਨੂੰ ਸਫ਼ਲ ਬਣਾਉਣ 'ਚ ਆਪਣਾ ਯੋਗਦਾਨ ਪਾਉਣਗੇ। ਉੱਥੇ ਹੀ ਜੇਕਰ ਇਸ ਤੋਂ ਬਾਅਦ ਸੰਤ ਸਮਾਜ ਵੱਲੋਂ ਉਨ੍ਹਾਂ ਨੂੰ ਮੁੜ ਤੋਂ ਸੱਦਾ ਦਿੱਤਾ ਜਾਂਦਾ ਹੈ ਤਾਂ ਉਸ ਵਿੱਚ ਵੀ ਉਹ ਨਾਲ ਖੜ੍ਹਨਗੇ।
ਉੱਥੇ ਹੀ ਹੁਣ ਕਿਸਾਨਾਂ ਵੱਲੋਂ ਪਰਾਲੀ ਸਾੜੀ ਜਾ ਰਹੀ ਹੈ ਜਿਸ ਤੋਂ ਬਾਅਦ ਕਿਸਾਨਾਂ 'ਤੇ ਪਰਚੇ ਵੀ ਦਰਜ ਹੋ ਰਹੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਕਿਸਾਨਾਂ ਨੂੰ ਪਰਾਲੀ ਦੇ ਬਣਦੇ ਪੈਸੇ ਦੇਣੇ ਚਾਹੀਦੇ ਹਨ। ਇਸ ਤੋਂ ਇਲਾਵਾ ਜਿਹੜੇ ਕਿਸਾਨਾਂ 'ਤੇ ਕੇਸ ਦਰਜ ਹੋਏ ਹਨ ਉਹ ਤੁਰੰਤ ਪ੍ਰਭਾਵ ਨਾਲ ਵਾਪਸ ਲੈਣੇ ਚਾਹੀਦੇ ਹਨ। ਤੇ ਨਾਲ ਹੀ ਕੈਪਟਨ ਨੂੰ ਕੋਰੋਨਾ ਦਾ ਬਹਾਨਾ ਬਣਾ ਕੇ ਪੈਸੇ ਨਾ ਹੋਣ ਦੀ ਗੱਲ ਨਹੀਂ ਕਹਿਣੀ ਚਾਹੀਦੀ।
ਉੱਥੇ ਹੀ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਇੱਕ ਕੈਮੀਕਲ ਤਿਆਰ ਕਰਵਾ ਕੇ ਦਿੱਤਾ ਗਿਆ ਹੈ ਕਿ ਉਹ ਕਿਸ ਤਰ੍ਹਾਂ ਪੰਜਾਬ ਵਿੱਚ ਆਏਗਾ। ਇਸ ਬਾਰੇ ਹਰਪਾਲ ਚੀਮਾ ਨੇ ਜਵਾਬ ਦਿੰਦਿਆਂ ਕਿਹਾ ਕਿ ਅਜੇ ਇਸ ਬਾਰੇ ਮੀਟਿੰਗ ਨਹੀਂ ਕੀਤੀ ਗਈ ਹੈ, ਹਾਲੇ ਸਿਰਫ਼ ਟ੍ਰਾਇਲ ਚੱਲ ਰਿਹਾ ਹੈ।
ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਵਿਚ ਖੜ੍ਹਨ ਤੋਂ ਆਮ ਆਦਮੀ ਪਾਰਟੀ ਨੇ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਇਨ੍ਹਾਂ ਚੋਣਾਂ ਵਿੱਚ ਕਿਸੇ ਵੀ ਤਰੀਕੇ ਦਾ ਕੋਈ ਉਮੀਦਵਾਰ ਨਹੀਂ ਉਤਾਰ ਰਹੇ ਅਤੇ ਨਾ ਹੀ ਅਸੀਂ ਕਿਸੇ ਨੂੰ ਸਮਰਥਨ ਦੇਵਾਂਗੇ।