ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 22 ਸਤੰਬਰ ਨੂੰ ਬੁਲਾਇਆ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ ਮਤ ਕਰਵਾਉਣ ਲਈ ਭਲਕੇ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਜਿਸ ਸਬੰਧੀ ਰਾਜਪਾਲ ਮੁਤਾਬਕ ਉਨ੍ਹਾਂ ਨੇ ਕਾਨੂੰਨੀ ਸਲਾਹ ਤੋਂ ਬਾਅਦ ਸਰਕਾਰ ਵਲੋਂ ਬੁਲਾਏ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ।
ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ .. ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਪਾਲ ਦੇ ਇਸ ਫੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, "ਰਾਜਪਾਲ ਮੰਤਰੀ ਮੰਡਲ ਦੇ ਸੱਦੇ ਗਏ ਸੈਸ਼ਨ ਤੋਂ ਕਿਵੇਂ ਇਨਕਾਰ ਕਰ ਸਕਦੇ ਹਨ? ਫਿਰ ਲੋਕਤੰਤਰ ਖਤਮ ਹੋ ਗਿਆ ਹੈ। ਦੋ ਦਿਨ ਪਹਿਲਾਂ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਦਿੱਤੀ, ਜਦੋਂ ਆਪ੍ਰੇਸ਼ਨ ਲੋਟਸ ਫੇਲ ਹੋਣ ਲੱਗਾ ਅਤੇ ਗਿਣਤੀ ਪੂਰੀ ਨਹੀਂ ਹੋਈ ਤਾਂ ਉੱਪਰੋਂ ਕਾਲ ਆਈ। ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਅਤੇ ਦੂਜੇ ਪਾਸੇ ਆਪ੍ਰੇਸ਼ਨ ਲੋਟਸ।"