ਚੰਡੀਗੜ੍ਹ:ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਏ ਗਏ ਵਿਸ਼ੇਸ਼ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਹੰਗਾਮਾ ਕਰਨ ਲਈ ਕਾਂਗਰਸ ਪਾਰਟੀ 'ਤੇ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਸਪੱਸ਼ਟ ਤੌਰ 'ਤੇ 'ਭਾਜਪਾ ਦੀ ਬੀ-ਟੀਮ' ਵਜੋਂ ਕੰਮ ਕਰ ਰਹੀ ਹੈ ਅਤੇ ਲੋਕਤੰਤਰ ਦੀ ਹੱਤਿਆ 'ਚ ਕੋਈ ਕਸਰ ਨਹੀਂ ਛੱਡ ਰਹੀ।
ਮੰਗਲਵਾਰ ਨੂੰ ਕੈਬਨਿਟ ਮੰਤਰੀਆਂ ਇੰਦਰਬੀਰ ਸਿੰਘ ਨਿੱਝਰ ਅਤੇ ਹਰਭਜਨ ਸਿੰਘ ਈ.ਟੀ.ਓ. ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਕੋਲ 'ਆਪ' ਸਰਕਾਰ ਵਿਰੁੱਧ ਕੋਈ ਮੁੱਦਾ ਨਹੀਂ ਹੈ ਅਤੇ ਇਸੇ ਕਰਕੇ ਉਨ੍ਹਾਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ 'ਚ ਵੀ ਹੰਗਾਮਾ ਕਰਕੇ ਵਿਘਨ ਪਾਇਆ। ਜਦੋਂ ਕਿ ਮਾਨ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਖੁੱਲ੍ਹਾ ਸਮਾਂ ਦਿੱਤਾ ਸੀ।
ਉਨ੍ਹਾਂ ਕਿਹਾ ਕਿ ‘ਆਪਰੇਸ਼ਨ ਲੋਟਸ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੇ ਭਾਜਪਾ ਦੇ ਏਜੰਡੇ ਨੂੰ ‘ਆਪ’ ਨੇ ਫੇਲ੍ਹ ਕਰ ਦਿੱਤਾ ਹੈ। ਪਰ ਹੁਣ ਕਾਂਗਰਸ ਸੂਬੇ ਵਿੱਚ ਸਰਕਾਰ ਨੂੰ ਡੇਗਣ ਲਈ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ, ਜੋ ਕਿ ਮੰਦਭਾਗਾ ਅਤੇ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਦੀ ਬਿਜ਼ਨਸ ਐਡਵਾਇਸਰੀ ਕਮੇਟੀ (ਬੀਏਸੀ) ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸੋਮਵਾਰ ਨੂੰ ਜ਼ੀਰੋ ਆਵਰ ਹੋਵੇਗਾ ਜਿਸ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਪਣੀ ਸਹਿਮਤੀ ਦਿੱਤੀ ਸੀ। ਪਰ ਬਾਅਦ ਵਿੱਚ ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਨੇ ਸੈਸ਼ਨ ਵਿੱਚ ਵਿਰੋਧ ਕੀਤਾ।
ਪਿਛਲੇ ਸਮੇਂ ਵਿੱਚ ਕਈ ਆਗੂ ਵਿਧਾਨ ਸਭਾ ਵਿੱਚ ਇਹ ਮੰਗ ਉਠਾਉਂਦੇ ਰਹੇ ਹਨ ਕਿ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਪਰ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੈਸ਼ਨ ਬੁਲਾ ਰਹੀ ਹੈ ਤਾਂ ਕਾਂਗਰਸ ਪਾਰਟੀ ਚਰਚਾ ਤੋਂ ਭੱਜ ਕਿਉਂ ਰਹੀ ਹੈ।