ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਿੱਥੇ ਸੂਬਾ ਸਰਕਾਰ ਵੱਲੋਂ ਨਵੀਂ ਸਰਕਾਰੀ ਭਰਤੀ ਲਈ ਕੇਂਦਰੀ ਤਨਖ਼ਾਹ ਸਕੇਲ ਲਾਗੂ ਕੀਤੇ ਜਾਣ ਵਾਲੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ, ਉੱਥੇ ਕੈਪਟਨ ਸਰਕਾਰ ਦੇ ਅਖੌਤੀ 'ਘਰ-ਘਰ ਨੌਕਰੀ' ਪ੍ਰੋਗਰਾਮ ਨੂੰ ਹੋਰ ਤੇਜ਼ ਕੀਤੇ ਜਾਣ ਵਾਲੇ ਦਾਅਵੇ ਨੂੰ ਇੱਕ ਹੋਰ ਧੋਖਾ ਕਰਾਰ ਦਿੱਤਾ ਹੈ।
ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕੈਪਟਨ ਸਰਕਾਰ 'ਤੇ ਮੁਲਾਜ਼ਮਾਂ ਦਾ ਗਲ਼ਾ ਘੁੱਟਣ ਦਾ ਦੋਸ਼ ਲਗਾਇਆ ਅਤੇ 'ਘਰ-ਘਰ ਸਰਕਾਰੀ ਨੌਕਰੀ' ਪ੍ਰੋਗਰਾਮ ਦੌਰਾਨ ਹੁਣ ਤੱਕ ਦਿੱਤੀਆਂ ਨੌਕਰੀਆਂ ਬਾਰੇ 'ਵ੍ਹਾਈਟ ਪੇਪਰ' ਜਾਰੀ ਕਰਨ ਦੀ ਮੰਗ ਰੱਖੀ।
ਅਮਨ ਅਰੋੜਾ ਨੇ ਕਿਹਾ ਕਿ ਕੇਂਦਰੀ ਪੇ ਸਕੇਲ ਨੂੰ ਪੰਜਾਬ 'ਚ ਲਾਗੂ ਕਰਨ ਨਾਲ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ 35 ਤੋਂ 40 ਫ਼ੀਸਦੀ ਘੱਟ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰੀ ਪ੍ਰਬੰਧ ਚਲਾਉਣ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨਾਲ ਇਹ ਸ਼ਰਤ ਬੇਹੱਦ ਮਾਰੂ ਸਾਬਤ ਹੋਵੇਗੀ, ਜਿਸ ਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ।